ਆਪ ਸਰਕਾਰ ਨੇ 872 ਦਿਨਾਂ ਦੇ ਕਾਰਜਕਾਲ ਵਿਚ 44 ਹਜ਼ਾਰ 250 ਦਿੱਤੀਆਂ : ਮੁੱਖ ਮੰਤਰੀ
ਫਿਲੌਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਕਿਹਾ ਕਿ ਸੂਬਾ ਸਰਕਾਰ ਨੇ ਆਪਣੇ ਸਿਰਫ਼ 872 ਦਿਨਾਂ ਦੇ ਕਾਰਜਕਾਲ ਵਿੱਚ ਸੂਬੇ ਦੇ 44,250 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਕੇ ਨਵੇਂ ਮਾਪਦੰਡ ਸਿਰਜੇ ਹਨ, ਜਿਸ ਨਾਲ ਪਿਛਲੇ ਢਾਈ ਸਾਲਾਂ ਵਿੱਚ ਔਸਤਨ ਰੋਜ਼ਾਨਾ 50 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮਿਲੀਆਂ ਹਨ।ਪੁਲਿਸ, ਕਾਨੂੰਨ ਤੇ ਨਿਆਂ ਅਤੇ ਗ੍ਰਹਿ ਮਾਮਲੇ ਵਿਭਾਗ ਵਿੱਚ 443 ਅਫ਼ਸਰਾਂ ਨੂੰ ਨਿਯੁਕਤੀ ਪੱਤਰ ਵੰਡਣ ਲਈ ਕਰਵਾਏ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਨਿਯੁਕਤੀ ਪੱਤਰ ਵੰਡਣ ਨਾਲ ਹੁਣ ਤੱਕ ਸਰਕਾਰੀ ਨੌਕਰੀਆਂ ਹਾਸਲ ਕਰਨ ਵਾਲੇ ਨੌਜਵਾਨਾਂ ਦੀ ਗਿਣਤੀ 44250 ਹੋ ਗਈ ਹੈ ਅਤੇ ਇਹ ਸਾਰੀਆਂ ਨਿਯੁਕਤੀਆਂ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ ਉਤੇ ਹੋਈਆਂ ਹਨ। ਉਨ੍ਹਾਂ ਕਿਹਾ ਕਿ ਇਹ ਨਿਯੁਕਤੀਆਂ ਪੂਰੀ ਤਰ੍ਹਾਂ ਪਾਰਦਰਸ਼ੀ ਪ੍ਰਕਿਰਿਆ ਅਪਨਾਉਣ ਅਤੇ ਨੌਜਵਾਨਾਂ ਵੱਲੋਂ ਬੇਹੱਦ ਮੁਕਾਬਲੇ ਵਾਲੀ ਪ੍ਰੀਖਿਆ ਪਾਸ ਕਰਨ ਮਗਰੋਂ ਨੇਪਰੇ ਚੜ੍ਹੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਡੀ ਸਰਕਾਰ ਦਾ ਸ਼ੁਰੂ ਤੋਂ ਹੀ ਇਕੋ-ਇਕ ਏਜੰਡਾ ਸਰਕਾਰੀ ਨੌਕਰੀਆਂ ਮੁਹੱਈਆ ਕਰ ਕੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਅਖ਼ਤਿਆਰ ਦੇਣਾ ਰਿਹਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਲਈ ਉਹ ਇਸ ਇਤਿਹਾਸਕ ਕੈਂਪਸ ਵਿੱਚ ਦੂਜੀ ਵਾਰ ਆਏ ਹਨ। ਉਨ੍ਹਾਂ ਅੱਜ ਨਿਯੁਕਤੀ ਪੱਤਰ ਹਾਸਲ ਕਰਨ ਵਾਲੇ ਸਾਰੇ 443 ਨੌਜਵਾਨਾਂ ਨੂੰ ਮੁਬਾਰਕਬਾਕ ਦਿੱਤੀ ਅਤੇ ਉਮੀਦ ਜਤਾਈ ਕਿ ਇਹ ਨੌਜਵਾਨ ਅਫ਼ਸਰ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਯੋਗਦਾਨ ਪਾਉਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੱਜ ਦਾ ਇਹ ਦਿਨ ਯਾਦਗਾਰੀ ਹੈ ਕਿਉਂਕਿ ਇਨ੍ਹਾਂ ਨੌਜਵਾਨਾਂ ਨੂੰ ਨੌਕਰੀਆਂ ਮਿਲੀਆਂ ਹਨ ਅਤੇ ਉਹ ਲੋਕਾਂ ਨੂੰ ਸਹੂਲਤ ਦੇਣ ਲਈ ਸਰਕਾਰੀ ਸੇਵਾ ਵਿੱਚ ਆਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਹੁਣ ਇਹ ਨੌਜਵਾਨ ਸਰਕਾਰ ਦਾ ਅਨਿੱਖੜ ਅੰਗ ਬਣ ਗਏ ਹਨ ਅਤੇ ਉਨ੍ਹਾਂ ਨੂੰ ਹੁਣ ਮਿਸ਼ਨਰੀ ਭਾਵਨਾ ਨਾਲ ਲੋਕਾਂ ਦੀ ਸੇਵਾ ਕਰਨੀ ਚਾਹੀਦੀ ਹੈ। ਭਗਵੰਤ ਸਿੰਘ ਮਾਨ ਨੇ ਉਮੀਦ ਜਤਾਈ ਕਿ ਨਵੇਂ ਭਰਤੀ ਨੌਜਵਾਨ ਆਪਣੀ ਕਲਮ ਦੀ ਵਰਤੋਂ ਸਮਾਜ ਦੇ ਕੁਚਲੇ ਤੇ ਲੋੜਵੰਦ ਵਰਗਾਂ ਦੀ ਭਲਾਈ ਲਈ ਕਰਨ। ਉਨ੍ਹਾਂ ਕਿਹਾ ਕਿ ਇਨ੍ਹਾਂ ਨਵ-ਨਿਯੁਕਤ ਨੌਜਵਾਨਾਂ ਨੂੰ ਜਨਤਾ ਦੀ ਵੱਧ ਤੋਂ ਵੱਧ ਸੇਵਾ ਕਰਨ ਨੂੰ ਤਰਜੀਹ ਦੇਣੀ ਚਾਹੀਦੀ ਹੈ ਤਾਂ ਜੋ ਸਮਾਜ ਦੇ ਹਰੇਕ ਵਰਗ ਨੂੰ ਇਸ ਦਾ ਲਾਭ ਮਿਲੇ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਕਾਰਨ ਲੋਕਾਂ ਦਾ ਸਰਕਾਰ ਵਿੱਚ ਵਿਸ਼ਵਾਸ ਵਧਿਆ ਹੈ, ਜਿਸ ਕਾਰਨ ਟੈਕਸ ਦੀ ਉਗਰਾਹੀ ਵਿੱਚ ਵੀ ਚੋਖਾ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਹੁਣ ਤੱਕ 19 ਟੌਲ ਪਲਾਜ਼ਾ ਬੰਦ ਕਰ ਦਿੱਤੇ ਗਏ ਹਨ, ਜਿਨ੍ਹਾਂ ਵਿੱਚੋਂ ਦੋ ਕੱਲ੍ਹ ਹੀ ਬੰਦ ਕੀਤੇ ਗਏ ਹਨ। ਇਨ੍ਹਾਂ ਵਿੱਚੋਂ ਬਹੁਤੇ ਟੌਲ ਪਲਾਜ਼ਿਆਂ ਦੇ ਪ੍ਰਬੰਧਕ ਸਮਾਂ ਵਧਾਉਣ ਦੀ ਮੰਗ ਕਰ ਰਹੇ ਸਨ ਪਰ ਵਡੇਰੇ ਜਨਤਕ ਹਿੱਤ ਵਿੱਚ ਇਨ੍ਹਾਂ ਦੀ ਮੰਗ ਨੂੰ ਰੱਦ ਕਰ ਦਿੱਤਾ ਗਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਟੌਲ ਪਲਾਜ਼ਾ ਬੰਦ ਹੋਣ ਕਾਰਨ ਪੰਜਾਬ ਵਾਸੀਆਂ ਦੀਆਂ ਜੇਬ੍ਹਾਂ ਵਿੱਚ ਰੋਜ਼ਾਨਾ 63 ਲੱਖ ਰੁਪਏ ਬਚ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਇਤਿਹਾਸਕ ਕਦਮ ਚੁੱਕਦਿਆਂ ‘ਇੱਕ ਵਿਧਾਇਕ, ਇੱਕ ਪੈਨਸ਼ਨ’ ਬਿੱਲ ਪਾਸ ਕੀਤਾ ਹੈ, ਜਿਸ ਤਹਿਤ ਇਹ ਯਕੀਨੀ ਬਣਾਇਆ ਗਿਆ ਹੈ ਕਿ ਹਰੇਕ ਵਿਧਾਇਕ ਨੂੰ ਇੱਕ ਹੀ ਪੈਨਸ਼ਨ ਮਿਲੇ, ਜਦਕਿ ਇਸ ਤੋਂ ਪਹਿਲਾਂ ਇਹ ਰੁਝਾਨ ਸੀ ਕਿ ਵਿਧਾਇਕ ਨੂੰ ਹਰ ਮਿਆਦ ਲਈ ਇੱਕ ਪੈਨਸ਼ਨ ਮਿਲਦੀ ਸੀ ਜਿਸ ਨਾਲ ਵਿਧਾਇਕਾਂ ਨੂੰ ਇੱਕ ਤੋਂ ਵੱਧ ਪੈਨਸ਼ਨਾਂ ਦੀ ਇਜਾਜ਼ਤ ਦਿੱਤੀ ਜਾਂਦੀ ਸੀ ਜਿਸ ਕਾਰਨ ਇਨ੍ਹਾਂ ਆਗੂਆਂ ਨੇ ਮੋਟੀ ਕਮਾਈ ਕੀਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਦਾ ਮਨੋਰਥ ਇਹ ਯਕੀਨੀ ਬਣਾਉਣਾ ਹੈ ਕਿ ਲੋਕਾਂ ਦੇ ਪੈਸੇ ਦੀ ਬਰਬਾਦੀ ਨਾ ਹੋਵੇ ਅਤੇ ਇਕ-ਇਕ ਪੈਸੇ ਦੀ ਸਹੀ ਵਰਤੋਂ ਯਕੀਨੀ ਬਣਾਈ ਜਾਵੇ। ਮੁੱਖ ਮੰਤਰੀ ਨੇ ਕਿਹਾ ਕਿ ਇਹ ਵੀ ਪਹਿਲੀ ਵਾਰ ਹੋਇਆ ਹੈ ਕਿ ਸੂਬੇ ਵਿੱਚ ਅਮਨ-ਕਾਨੂੰਨ ਦੀ ਵਿਵਸਥਾ ਨੂੰ ਸੁਚਾਰੂ ਬਣਾਉਣ ਲਈ 410 ਹਾਈ-ਟੈਕ ਨਵੀਆਂ ਗੱਡੀਆਂ ਪੰਜਾਬ ਪੁਲਿਸ ਦੇ ਐੱਸ.ਐੱਚ.ਓਜ਼. ਨੂੰ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਹ ਵੀ ਪੁਰਾਣੇ ਰੁਝਾਨਾਂ ਦੇ ਉਲਟ ਹੈ, ਜਦੋਂ ਹੇਠਲੀ ਪੱਧਰ ‘ਤੇ ਨਵੇਂ ਵਾਹਨ ਦੇਣ ਦੀ ਬਜਾਏ ਇਹ ਉੱਚ ਅਧਿਕਾਰੀਆਂ ਨੂੰ ਦਿੱਤੇ ਜਾਂਦੇ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਜਿੱਥੇ ਇੱਕ ਪਾਸੇ ਅਮਨ-ਕਾਨੂੰਨ ਦੀ ਵਿਵਸਥਾ ਨੂੰ ਬਰਕਰਾਰ ਰੱਖਣ ਲਈ ਪੁਲਿਸ ਨੂੰ ਆਪਣੀ ਡਿਊਟੀ ਪ੍ਰਭਾਵਸ਼ਾਲੀ ਢੰਗ ਨਾਲ ਨਿਭਾਉਣ ਵਿੱਚ ਬਹੁਤ ਮਦਦ ਮਿਲੀ ਹੈ ਅਤੇ ਦੂਜੇ ਪਾਸੇ ਲੋਕਾਂ ਦੀ ਸੁਰੱਖਿਆ ਵੀ ਯਕੀਨੀ ਬਣਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਕੰਮਕਾਜ ਨੂੰ ਸੁਚਾਰੂ ਅਤੇ ਆਲਾ ਦਰਜੇ ਦਾ ਬਣਾਉਣ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ।