ਕਿਸਾਨਾਂ ਨੂੰ ਫਸਲਾਂ ਦੀ ਰਹਿੰਦ ਖੂਹੰਦ ਸਾੜਨ ਦੇ ਨੁਕਸਾਨਾਂ ਬਾਰੇ ਸਮਾਂ ਰਹਿੰਦੇ ਕੀਤਾ ਜਾਵੇ ਸੁਚੇਤ: ਉਪ ਮੰਡਲ ਮੈਜਿਸਟ੍ਰੇਟ
ਸੰਗਰੂਰ, 7 ਅਗਸਤ : ਵਾਤਾਵਰਨ ਨੂੰ ਗੰਧਲਾ ਹੋਣ ਤੋਂ ਬਚਾਉਣ ਲਈ ਸੰਗਰੂਰ ਜ਼ਿਲ੍ਹੇ ਦੇ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਜਾਰੀ ਹਦਾਇਤਾਂ ਤਹਿਤ ਉਪ-ਮੰਡਲ ਮੈਜਿਸਟਰੇਟ ਸੰਗਰੂਰ ਚਰਨਜੋਤ ਸਿੰਘ ਵਾਲੀਆ ਵੱਲੋਂ ਸੈਕਟਰ ਅਫਸਰਾਂ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਉਪ ਮੰਡਲ ਮੈਜਿਸਟ੍ਰੇਟ ਵੱਲੋਂ ਸੈਕਟਰ ਅਫਸਰਾਂ ਨੂੰ ਫਸਲਾਂ ਦੀ ਰਹਿੰਦ ਖੂਹੰਦ ਸਾੜਨ ਨਾਲ ਹੁੰਦੇ ਨੁਕਸਾਨਾਂ ਬਾਰੇ ਕਿਸਾਨਾਂ ਨੂੰ ਸਮਾਂ ਰਹਿੰਦੇ ਸੁਚੇਤ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ।
ਐਸ. ਡੀ. ਐਮ. ਚਰਨਜੋਤ ਸਿੰਘ ਵਾਲੀਆ ਵੱਲੋਂ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਪਿਛਲੇ ਸਾਲਾਂ ਦੌਰਾਨ ਪਰਾਲੀ ਨੂੰ ਜ਼ਿਆਦਾ ਅੱਗ ਲਗਾਉਣ ਦੀਆਂ ਘਟਨਾਵਾਂ ਜ਼ਿਆਦਾ ਹੋਣ ਵਾਲੇ ਪਿੰਡਾਂ ਦੀਆਂ ਸੂਚੀਆਂ ਤਿਆਰ ਕਰਕੇ ਉਨ੍ਹਾਂ ਪਿੰਡਾਂ ‘ਤੇ ਜ਼ਿਆਦਾ ਧਿਆਨ ਕੇਂਦਰਿਤ ਕਰਨ ਦੀ ਹਦਾਇਤ ਕੀਤੀ। ਐਸ. ਡੀ. ਐਮ ਵਾਲੀਆ ਨੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਪਰਾਲੀ ਦੇ ਪ੍ਰਬੰਧਨ ਲਈ ਪੰਜਾਬ ਸਰਕਾਰ ਵੱਲੋਂ ਸਬਸਿਡੀ ਉਤੇ ਮੁਹੱਈਆ ਕਰਵਾਈ ਜਾ ਰਹੀ ਖੇਤੀ ਮਸ਼ੀਨਰੀ ਦਾ ਲਾਭ ਜ਼ਰੂਰ ਲੈਣ ਅਤੇ ਫਸਲਾਂ ਦੀ ਰਹਿੰਦ ਖੂਹੰਦ ਤੇ ਪਰਾਲੀ ਸਾੜਨ ਤੋਂ ਗੁਰੇਜ਼ ਕਰਨ। ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਦਾ ਮਾੜਾ ਰੁਝਾਨ ਹਰ ਕਿਸਾਨ ਦੇ ਨਿੱਜੀ ਯੋਗਦਾਨ ਸਦਕਾ ਹੀ ਰੋਕਿਆ ਜਾ ਸਕਦਾ ਹੈ ਅਤੇ ਸਮਾਜ ਦੇ ਇੱਕ ਜ਼ਿੰਮੇਵਾਰ ਨਾਗਰਿਕ ਵਜੋਂ ਆਪਾਂ ਸਾਰਿਆਂ ਨੂੰ ਮਨੁੱਖਤਾ ਦੇ ਭਲੇ ਲਈ ਅਜਿਹੀਆਂ ਕਾਰਵਾਈਆਂ ਤੋਂ ਮੂੰਹ ਮੋੜਨ ਦੀ ਲੋੜ ਹੈ। ਇਸ ਮੀਟਿੰਗ ਵਿੱਚ ਤਹਿਸੀਲਦਾਰ ਸੁਰਿੰਦਰਪਾਲ ਸਿੰਘ ਪੰਨੂੰ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਅਤੇ ਸਬੰਧਤ ਮਹਿਕਮਿਆਂ ਦੇ ਨੁਮਾਇੰਦੇ ਹਾਜ਼ਰ ਹੋਏ।