ਖੇਤੀਬਾੜੀ ਵਿਭਾਗ ਨੇ ਪਰਾਲੀ ਪ੍ਰਬੰਧ ਸਬੰਧੀ ਬਲਾਕ ਪੱਧਰੀ ਜਾਗਰੂਕਤਾ ਕੈਂਪ ਲਗਾਇਆ
ਪਟਿਆਲਾ, 7 ਅਗਸਤ : ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਬਲਾਕ ਨਾਭਾ ਦੇ ਪਿੰਡ ਆਲੋਵਾਲ ਵਿਖੇ ਕਿਸਾਨਾਂ ਨੂੰ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ।
ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਅਗਸਤ ਮਹੀਨੇ ਵਿਚ ਹਰੇਕ ਬਲਾਕ ਵਿਚ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ ਅਤੇ ਇਹਨਾਂ ਕੈਂਪਾਂ ਵਿਚ ਅਗਾਂਹਵਧੂ ਕਿਸਾਨ ਦੂਜੇ ਕਿਸਾਨਾਂ ਨੂੰ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਜਾਗਰੂਕ ਕਰ ਰਹੇ ਹਨ। ਉਹਨਾਂ ਦੱਸਿਆ ਕਿ ਇਹਨਾਂ ਕੈਂਪਾਂ ਤੋਂ ਇਲਾਵਾ ਜ਼ਿਲ੍ਹੇ ਵਿਚ ਸਕੂਲਾਂ ਦੇ ਬੱਚਿਆਂ ਨੂੰ ਜਾਗਰੂਕ ਕੀਤਾ ਜਾਵੇਗਾ ਅਤੇ ਹਰੇਕ ਪਿੰਡ ਵਿਚ ਪਰਾਲੀ ਪ੍ਰਬੰਧਨ ਸਬੰਧੀ ਵਾਲ ਪੇਂਟਿੰਗਜ ਕੀਤੀਆਂ ਜਾਣਗੀਆਂ ਅਤੇ ਕਿਸਾਨਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਿਟਰੇਚਰ ਵੰਡ ਕੇ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਿਤ ਕੀਤਾ ਜਾਵੇਗਾ।
ਇਸ ਮੌਕੇ ਉਹਨਾਂ ਨੇ ਸੀ.ਆਰ. ਐਮ. ਸਕੀਮ ਅਧੀਨ ਸਬਸਿਡੀ ਉੱਪਰ ਦਿੱਤੀਆਂ ਜਾਣ ਵਾਲੀਆਂ ਮਸ਼ੀਨਾਂ ਅਤੇ ਵਿਭਾਗ ਦੀਆਂ ਵੱਖ-ਵੱਖ ਸਕੀਮਾਂ ਸਬੰਧੀ ਤਕਨੀਕੀ ਨੁਕਤੇ ਸਾਂਝੇ ਕੀਤੇ। ਪਿੰਡ ਦੇ ਅਗਾਂਹਵਧੂ ਕਿਸਾਨ ਰਾਮ ਸਿੰਘ, ਦਲਜਿੰਦਰ ਸਿੰਘ, ਪਰਮਜੀਤ ਸਿੰਘ, ਰਣਜੋਧ ਸਿੰਘ, ਧਰਮਜੀਤ ਸਿੰਘ ਅਤੇ ਨਰਿੰਦਰ ਸਿੰਘ ਨੇ ਹਾਜ਼ਰ ਹੋਰ ਕਿਸਾਨਾਂ ਨਾਲ ਸਿੱਧੀ ਬਿਜਾਈ ਅਤੇ ਪਰਾਲੀ ਨੂੰ ਖੇਤਾਂ ਵਿਚ ਵਰਤਣ ਲਈ ਆਪਣੇ ਤਜਰਬੇ ਸਾਂਝੇ ਕੀਤੇ। ਇਹਨਾਂ ਕੈਂਪਾਂ ਵਿਚ ਖੇਤੀਬਾੜੀ ਵਿਕਾਸ ਅਫ਼ਸਰ ਡਾ. ਜਸਪ੍ਰੀਤ ਸਿੰਘ ਢਿੱਲੋਂ, ਡਾ. ਗਰੀਮਾ ਅਤੇ ਡਾ. ਰਸ਼ਪਿੰਦਰ ਸਿੰਘ ਨੇ ਹਾਜ਼ਰ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਵਿਚ ਆ ਰਹੀਆਂ ਮੁਸ਼ਕਲਾਂ ਦੇ ਹੱਲ ਲਈ ਸਬੰਧੀ ਤਕਨੀਕੀ ਜਾਣਕਾਰੀ ਦਿੱਤੀ।
ਇਹ ਕੈਂਪ ਵਿਚ ਖੇਤੀਬਾੜੀ ਵਿਕਾਸ ਅਫ਼ਸਰ ਡਾ. ਅਮਨਦੀਪ ਕੌਰ ਨੇ ਕੈਂਪ ਵਿਚ ਕਿਸਾਨਾਂ ਨੂੰ ਮਿੱਟੀ ਅਤੇ ਪਾਣੀ ਦੇ ਸੈਂਪਲ ਟੈਸਟ ਕਰਵਾਉਣ ਸਬੰਧੀ ਤਕਨੀਕੀ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਟੈਸਟ ਦੀ ਰਿਪੋਰਟ ਅਨੁਸਾਰ ਕਿਸਾਨ ਖਾਦਾਂ ਦੀ ਸੁਚੱਜੀ ਵਰਤੋਂ ਕਰਨ। ਖੇਤੀਬਾੜੀ ਵਿਕਾਸ ਅਫ਼ਸਰ ਡਾ. ਗੁਰਮੇਲ ਸਿੰਘ ਨੇ ਸਰਕਾਰ ਵੱਲੋਂ ਫਸਲੀ ਵਿਭਿੰਨਤਾ ਅਧੀਨ ਦਿੱਤੀਆਂ ਜਾਣ ਵਾਲੀਆਂ ਇਨਪੁਟਸ ਬਾਰੇ ਦੱਸਿਆ ਅਤੇ ਕਿਸਾਨਾਂ ਨੂੰ ਮੱਕੀ ਦੀ ਕਾਸ਼ਤ ਸਬੰਧੀ ਤਕਨੀਕੀ ਜਾਣਕਾਰੀ ਦਿੱਤੀ। ਖੇਤੀਬਾੜੀ ਵਿਸਥਾਰ ਅਫ਼ਸਰ ਡਾ. ਰਵਿੰਦਰਪਾਲ ਸਿੰਘ ਚੱਠਾ ਨੇ ਕਿਸਾਨਾਂ ਨੂੰ ਕੇਂਦਰੀ ਪ੍ਰਾਯੋਜਿਤ ਸਕੀਮਾਂ ਤਹਿਤ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਮਸ਼ੀਨਾਂ ਉੱਪਰ ਮਿਲਣ ਵਾਲੀ ਸਬਸਿਡੀ ਬਾਰੇ ਅਤੇ ਪੀ.ਐਮ.ਕਿਸਾਨ ਨਿਧੀ ਸਕੀਮ ਸਬੰਧੀ ਵੀ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਖੇਤੀਬਾੜੀ ਵਿਭਾਗ ਦੇ ਬੀ.ਟੀ.ਐਮ. ਸੁਰਿੰਦਰ ਕੁਮਾਰ, ਏ.ਟੀ.ਐਮ. ਜਸਵੀਰ ਦਾਸ ਅਤੇ ਹਰਪਿੰਦਰ ਸਿੰਘ ਨੇ ਹਾਜ਼ਰ ਕਿਸਾਨਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਖੇਤਾਂ ਵਿਚ ਛਾਂ ਵਾਲੇ ਬੂਟੇ ਦੇ ਕੇ ਵਾਤਾਵਰਣ ਨੂੰ ਸਾਫ਼ ਸੁਥਰਾ ਰੱਖਣ ਲਈ ਸਹਿਯੋਗ ਦੇਣ ਲਈ ਕਿਹਾ।