ਜ਼ਿਲ੍ਹੇ ‘ਚ 5 ਜਾਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ, ਮੀਟਿੰਗਾਂ ਕਰਨ, ਨਾਅਰੇ ਲਾਉਣ, ਵਿਖਾਵਾ ਕਰਨ ‘ਤੇ ਪਾਬੰਦੀ
ਪਟਿਆਲਾ, 8 ਅਗਸਤ : ਵਧੀਕ ਜ਼ਿਲ੍ਹਾ ਮੈਜਿਸਟਰੇਟ ਮੈਡਮ ਕੰਚਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਪਟਿਆਲਾ ਦੀਆਂ ਹੱਦਾਂ ਅੰਦਰ ਕਿਸੇ ਕਿਸਮ ਦੇ ਵਿਖਾਵੇ/ਰੋਸ ਧਰਨੇ ਤੇ ਰੈਲੀਆਂ ਕਰਨ, ਮੀਟਿੰਗਾਂ ਕਰਨ, ਨਾਅਰੇ ਲਗਾਉਣ, ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ‘ਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ । ਜਾਰੀ ਕੀਤੇ ਹੁਕਮ ਵਿੱਚ ਕਿਹਾ ਗਿਆ ਹੈ ਕਿ ਪੰਜ ਜਾਂ ਪੰਜ ਤੋਂ ਜ਼ਿਆਦਾ ਵਿਅਕਤੀਆਂ ਦੇ ਇਕੱਠੇ ਹੋਣ, ਮੀਟਿੰਗਾਂ ਕਰਨ, ਨਾਅਰੇ ਲਗਾਉਣ, ਵਿਖਾਵਾ ਕਰਨ ਆਦਿ ਨਾਲ ਜਨਤਕ ਸ਼ਾਂਤੀ ਭੰਗ ਹੋਣ, ਸਰਕਾਰੀ ਅਤੇ ਗੈਰ-ਸਰਕਾਰੀ ਜਾਇਦਾਦਾਂ ਦੇ ਨੁਕਸਾਨ ਹੋਣ ਦਾ ਅੰਦੇਸ਼ਾ ਬਣਿਆ ਰਹਿੰਦਾ ਹੈ। ਅਜਿਹੀ ਸਥਿਤੀ ਵਿੱਚ ਰਾਜ ਵਿੱਚ ਅਮਨ ਤੇ ਕਾਨੂੰਨ ਦੀ ਸਥਿਤੀ ਕਾਇਮ ਰੱਖਣ ਅਤੇ ਲੋਕ ਹਿੱਤ ਸ਼ਾਂਤੀ ਬਰਕਰਾਰ ਰੱਖਣ ਲਈ ਢੁਕਵੇਂ ਕਦਮ ਉਠਾਉਣੇ ਜ਼ਰੂਰੀ ਹਨ । ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ 5 ਅਕਤੂਬਰ 2024 ਤੱਕ ਲਾਗੂ ਕੀਤੇ ਗਏ ਇਹ ਹੁਕਮ ਸੁਰੱਖਿਆ ਅਮਲੇ, ਡਿਊਟੀ ‘ਤੇ ਤਾਇਨਾਤ ਪੁਲਿਸ ਅਮਲੇ ਅਤੇ ਸਰਕਾਰੀ ਪ੍ਰੋਗਰਾਮਾਂ, ਵਿਆਹ ਸ਼ਾਦੀਆਂ, ਮਾਤਮੀ ਸਮਾਰੋਹਾਂ ਅਤੇ ਸਕੂਲ/ਕਾਲਜਾਂ ਵਿੱਚ ਪੜ੍ਹਾਈ ਲਈ ਬੱਚਿਆਂ ਦੇ ਇਕੱਠ ‘ਤੇ ਲਾਗੂ ਨਹੀਂ ਹੋਣਗੇ।