ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਦਿੜ੍ਹਬਾ ਤੇ ਸੁਨਾਮ ਊਧਮ ਸਿੰਘ ਵਾਲਾ
ਵਿਖੇ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦੀ ਸਮੀਖਿਆ
ਸਮੂਹ ਅਧਿਕਾਰੀਆਂ ਨੂੰ ਨਿਰਧਾਰਿਤ ਸਮੇਂ ਅੰਦਰ ਕੰਮ ਮੁਕੰਮਲ ਕਰਨ ਦੇ ਆਦੇਸ਼
ਸੰਗਰੂਰ, 7 ਅਗਸਤ : ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਬ ਡਵੀਜ਼ਨ ਦਿੜ੍ਹਬਾ ਤੇ ਸਬ ਡਵੀਜ਼ਨ ਸੁਨਾਮ ਊਧਮ ਸਿੰਘ ਵਾਲਾ ਵਿਖੇ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ। ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲਗਾਤਾਰ ਜ਼ਿਲ੍ਹੇ ਦੀਆਂ ਸਬ ਡਵੀਜ਼ਨਾਂ ਵਿਖੇ ਕਰਵਾਏ ਜਾ ਰਹੇ ਕਾਰਜਾਂ ਦੀ ਸਥਿਤੀ ਬਾਰੇ ਜਾਇਜ਼ਾ ਲਿਆ ਜਾ ਰਿਹਾ ਹੈ ਇਸ ਲਈ ਨਿਰਧਾਰਿਤ ਸਮਾਂ ਸੀਮਾ ਅਨੁਸਾਰ ਕੰਮ ਨੇਪਰੇ ਚੜ੍ਹਾਉਣ ਨੂੰ ਯਕੀਨੀ ਬਣਾਇਆ ਜਾਵੇ । ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਮੁਕੰਮਲ ਹੋ ਚੁੱਕੇ ਕਾਰਜਾਂ, ਪ੍ਰਗਤੀ ਅਧੀਨ ਕਾਰਜਾਂ ਤੇ ਆਰੰਭ ਕੀਤੇ ਜਾਣ ਵਾਲੇ ਕਾਰਜਾਂ ਬਾਰੇ ਵਿਸਥਾਰ ਵਿੱਚ ਜਾਇਜ਼ਾ ਲਿਆ। ਉਨ੍ਹਾਂ ਨੇ ਪੰਚਾਇਤੀ ਰਾਜ, ਮੰਡੀ ਬੋਰਡ, ਲੋਕ ਨਿਰਮਾਣ ਵਿਭਾਗ, ਨਗਰ ਪੰਚਾਇਤ ਦਿੜ੍ਹਬਾ ਤੇ ਨਗਰ ਕੌਂਸਲ ਸੁਨਾਮ, ਡਰੇਨੇਜ਼, ਜਲ ਸਪਲਾਈ ਤੇ ਸੈਨੀਟੇਸ਼ਨ, ਸੀਵਰੇਜ ਬੋਰਡ, ਸਿੱਖਿਆ ਤੇ ਸਿਹਤ ਵਿਭਾਗਾਂ, ਮੰਡੀ ਬੋਰਡ, ਵਣ ਵਿਭਾਗ ਸਮੇਤ ਹੋਰ ਵਿਭਾਗਾਂ ਦੇ ਸਬੰਧਤ ਸਬ ਡਵੀਜ਼ਨਾਂ ਅੰਦਰ ਚੱਲ ਰਹੇ ਪ੍ਰੋਜੈਕਟਾਂ ਦੀ ਸਥਿਤੀ ਦਾ ਵੀ ਜਾਇਜ਼ਾ ਲਿਆ ਤੇ ਕਾਰਜਕਾਰੀ ਏਜੰਸੀਆਂ ਦੇ ਅਧਿਕਾਰੀਆਂ ਨੂੰ ਕੰਮਕਾਰ ਦੀ ਗੁਣਵੱਤਾ ਨੂੰ ਯਕੀਨੀ ਬਣਾਉਣ ਦੀ ਹਦਾਇਤ ਕੀਤੀ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ, ਸਹਾਇਕ ਕਮਿਸ਼ਨਰ ਸਿਖਲਾਈ ਅਧੀਨ ਡਾ. ਅਦਿੱਤਿਆ, ਐਸ.ਡੀ.ਐਮ ਦਿੜ੍ਹਬਾ ਰਾਜੇਸ਼ ਸ਼ਰਮਾ, ਐਸ. ਡੀ. ਐਮ ਸੁਨਾਮ ਊਧਮ ਸਿੰਘ ਵਾਲਾ ਪਰਮੋਦ ਸਿੰਗਲਾ ਸਮੇਤ ਵੱਖ-ਵੱਖ ਵਿਭਾਗਾਂ ਦੇ ਮੁਖੀ ਵੀ ਹਾਜ਼ਰ ਸਨ।