ਦਿੱਲੀ ਹਾਈ ਕੋਰਟ ਨੇ ਕੇਂਦਰ ਕੋਲੋਂ ਮੰਗਿਆ ਰਾਹੁਲ ਗਾਂਧੀ ਦੀ ਨਾਗਰਿਕਤਾ ਬਾਰੇ ਪਟੀਸ਼ਨ ’ਤੇ ਜਵਾਬ
ਨਵੀਂ ਦਿੱਲੀ : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਵਿਚ ਬਣੀ ਦਿੱਲੀ ਹਾਈ ਕੋਰਟ ਨੇ ਭਾਜਪਾ ਆਗੂ ਸੁਬਰਾਮਨੀਅਨ ਸਵਾਮੀ ਦੀ ਉਸ ਪਟੀਸ਼ਨ ’ਤੇ ਅੱਜ ਕੇਂਦਰ ਨੂੰ ਆਪਣਾ ਰੁਖ਼ ਸਪੱਸ਼ਟ ਕਰਨ ਲਈ ਕਿਹਾ ਹੈ, ਜਿਸ ਵਿੱਚ ਗ੍ਰਹਿ ਮੰਤਰਾਲੇ ਨੂੰ ਰਾਹੁਲ ਗਾਂਧੀ ਦੀ ਭਾਰਤੀ ਨਾਗਰਿਕਤਾ ਬਾਰੇ ਫੈਸਲਾ ਲੈਣ ਦਾ ਨਿਰਦੇਸ਼ ਦੇਣ ਦੀ ਅਪੀਲ ਕੀਤੀ ਗਈ ਹੈ । ਕਾਰਜਕਾਰੀ ਚੀਫ਼ ਜਸਟਿਸ ਵਿਭੂ ਬਾਖਰੂ ਅਤੇ ਜਸਟਿਸ ਤੁਸ਼ਾਰ ਰਾਓ ਗਡੇਲਾ ਦੇ ਬੈਂਚ ਨੇ ਕਿਹਾ ਕਿ ਅਸੀਂ ਕੋਈ ਵੀ ਆਦੇਸ਼ ਜਾਰੀ ਕਰਨ ਤੋਂ ਪਹਿਲਾਂ ਸਰਕਾਰ ਦੇ ਵਕੀਲ ਦੀ ਸਹਾਇਤਾ ਲੈਣਾ ਚਾਹੁੰਦੇ ਹਾਂ । ਅਦਾਲਤ ਨੂੰ ਕੇਂਦਰ ਦੇ ‘ਪ੍ਰੌਕਸੀ’ ਵਕੀਲ ਨੇ ਦੱਸਿਆ ਕਿ ਮਾਮਲੇ ਵਿੱਚ ਪਹਿਲਾਂ ਸਰਕਾਰ ਦੀ ਨੁਮਾਇੰਦਗੀ ਕਰ ਰਹੇ ਵਕੀਲ ਨੂੰ ਸੀਨੀਅਰ ਵਕੀਲ ਵਜੋਂ ਨਾਮਜ਼ਦ ਕਰ ਦਿੱਤਾ ਗਿਆ ਹੈ, ਇਸ ਲਈ ਮਾਮਲੇ ਵਿੱਚ ਨਵੇਂ ਵਕੀਲ ਨੂੰ ਨਿਯੁਕਤ ਕਰਨ ਵਾਸਤੇ ਕੁਝ ਸਮਾਂ ਮੰਗਿਆ ਗਿਆ ਹੈ ।