ਪਰਾਲੀ ਸਾੜਨ ਤੋਂ ਰੋਕ ਲਗਾਉਣ ਲਈ ਪੰਜਾਬ ਤੇ ਹਰਿਆਣਾ ’ਚ ਫਲਾਇੰਗ ਸਕੁਐਡ ਤਾਇਨਾਤ
ਨਵੀਂ ਦਿੱਲੀ : ਕੇਂਦਰ ਦੇ ਕਮਿਸ਼ਨ ਫਾਰ ਏਅਰ ਕੁਆਲਿਟੀ ਮੈਨੇਜਮੈਂਟ (ਸੀਏਕਿਊਐਮ) ਨੇ ਅੱਜ ਦੱਸਿਆ ਕਿ ਉਨ੍ਹਾਂ ਝੋਨੇ ਦੇ ਸੀਜ਼ਨ ਦੌਰਾਨ ਪਰਾਲੀ ਸਾੜਨ ਤੋਂ ਰੋਕਣ ਲਈ ਪੰਜਾਬ ਦੇ 16 ਜ਼ਿਲ੍ਹਿਆਂ ਅਤੇ ਹਰਿਆਣਾ ਦੇ 10 ਜ਼ਿਲ੍ਹਿਆਂ ਵਿੱਚ ਫਲਾਇੰਗ ਸਕੁਐਡ ਤਾਇਨਾਤ ਕੀਤੇ ਹਨ। ਕੇਂਦਰ ਦੇ ਅਧਿਕਾਰੀ ਨੇ ਕਿਹਾ ਕਿ ਇਸ ਦੌਰਾਨ ਸੂਬਿਆਂ ਤੇ ਕੇਂਦਰ ਦਰਮਿਆਨ ਤਾਲਮੇਲ ਵਧਾਉਣ ਲਈ ਮੁਹਾਲੀ ਤੇ ਚੰਡੀਗੜ੍ਹ ਵਿਚ ਝੋਨੇ ਦਾ ਪਰਾਲੀ ਪ੍ਰਬੰਧਨ ਸੈੱਲ ਜਲਦੀ ਹੀ ਸਥਾਪਿਤ ਕੀਤਾ ਜਾਵੇਗਾ। ਇਹ ਫੈਸਲਾ ਉਦੋਂ ਕੀਤਾ ਗਿਆ ਹੈ ਜਦੋਂ ਸੁਪਰੀਮ ਕੋਰਟ ਨੇ ਪ੍ਰਦੂਸ਼ਣ ਨੂੰ ਰੋਕਣ ਲਈ ਸੀਏਕਿਊਐਮ ਦੀ ਕਾਰਵਾਈ ’ਤੇ ਸਵਾਲ ਉਠਾਏ ਹਨ। ਸੀਏਕਿਊਐਮ ਦੇ ਅਧਿਕਾਰੀ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਸਰਕਾਰਾਂ ਨੇ 2024 ਦੇ ਸਾਉਣੀ ਸੀਜ਼ਨ ਦੌਰਾਨ ਝੋਨੇ ਦੀ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਵੱਡੇ ਪੱਧਰ ’ਤੇ ਯੋਜਨਾਵਾਂ ਤਿਆਰ ਕੀਤੀਆਂ ਹਨ। ਇਸ ਤੋਂ ਇਲਾਵਾ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਉੱਡਣ ਦਸਤੇ ਅਗਲੇ ਦੋ ਮਹੀਨਿਆਂ ਲਈ ਦੋਵਾਂ ਰਾਜਾਂ ਵਿੱਚ ਤਾਇਨਾਤ ਕੀਤੇ ਗਏ ਹਨ। ਇਹ ਦਸਤੇ ਸੂਬਾ ਸਰਕਾਰ ਨਾਲ ਤਾਲਮੇਲ ਕਰਨਗੇ। ਪੰਜਾਬ ਦੇ ਜਿਨ੍ਹਾਂ 16 ਜ਼ਿਲ੍ਹਿਆਂ ਵਿੱਚ ਫਲਾਇੰਗ ਸਕੁਐਡ ਤਾਇਨਾਤ ਕੀਤੇ ਗਏ ਹਨ, ਉਨ੍ਹਾਂ ਵਿੱਚ ਅੰਮ੍ਰਿਤਸਰ, ਬਰਨਾਲਾ, ਬਠਿੰਡਾ, ਫਰੀਦਕੋਟ, ਫਤਿਹਗੜ੍ਹ ਸਾਹਿਬ, ਫਾਜ਼ਿਲਕਾ, ਫਿਰੋਜ਼ਪੁਰ, ਜਲੰਧਰ, ਕਪੂਰਥਲਾ, ਲੁਧਿਆਣਾ, ਮਾਨਸਾ, ਮੋਗਾ, ਮੁਕਤਸਰ, ਪਟਿਆਲਾ, ਸੰਗਰੂਰ ਅਤੇ ਤਰਨ ਤਾਰਨ ਸ਼ਾਮਲ ਹਨ।