ਪੰਜ ਸਿੰਘ ਸਾਹਿਬਾਨ ਦੀ ਜ਼ਰੂਰੀ ਇਕੱਤਰਤਾ 30 ਨੂੰ
ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜ਼ਰੂਰੀ ਪੰਥਕ ਵਿਚਾਰਾਂ ਸਬੰਧੀ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ 30 ਅਗਸਤ ਨੂੰ ਹੋਵੇਗੀ। ਇਸ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਤੋਂ ਜਾਰੀ ਹੋਏ ਬਿਆਨ ਰਾਹੀਂ ਦੱਸਿਆ ਗਿਆ ਹੈ ਕਿ 30 ਅਗਸਤ 2024 ਨੂੰ ਸਵੇਰੇ 10 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਦੀ ਅਗਵਾਈ ਹੇਠ ਪੰਜ ਸਿੰਘ ਸਾਹਿਬਾਨ ਦੀ ਜ਼ਰੂਰੀ ਇਕੱਤਰਤਾ ਹੋਵੇਗੀ, ਜਿਸ ਦੇ ਵਿਚ ਕੁਝ ਅਤਿ ਜ਼ਰੂਰੀ ਪੰਥਕ ਕਾਰਜਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਉਸ ਦਿਨ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਦਿੱਤੇ ਸਪੱਸ਼ਟੀਕਰਨ ਉਤੇ ਚਰਚਾ ਹੋਣ ਦੀ ਸੰਭਾਵਨਾ ਹੈ। ਦੱਸ ਦਈਏ ਕਿ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੁਖਬੀਰ ਬਾਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਦਿੱਤੇ ਸਪੱਸ਼ਟੀਕਰਨ ਕੱਲ੍ਹ ਜਨਤਕ ਕਰ ਦਿੱਤੇ ਹਨ।ਸੁਖਬੀਰ ਸਿੰਘ ਬਾਦਲ ਵੱਲੋਂ ਦਿੱਤੇ ਗਏ ਸਪੱਸ਼ਟੀਕਰਨ ਵਿੱਚ ਉਨ੍ਹਾਂ ਕਿਹਾ ਹੈ ਕਿ ਉਹ ਸ੍ਰੀ ਅਕਾਲ ਤਖ਼ਤ ਨੂੰ ਸਮਰਪਿਤ ਹਨ। ਉਨ੍ਹਾਂ ਕਿਹਾ ਕਿ ਉਸ ਖਿਲਾਫ਼ ਜੋ ਵੀ ਲਿਖ ਕੇ ਦਿੱਤਾ ਗਿਆ ਹੈ ਉਹ ਉਸ ਵਾਸਤੇ ਗੁਰੂ ਸਾਹਿਬ ਤੇ ਗੁਰੂ ਪੰਥ ਪਾਸੋਂ ਬਿਨਾਂ ਸ਼ਰਤ ਖਿਮਾ ਯਾਚਨਾ ਕਰਦੇ ਹਨ। ਪਰਿਵਾਰ ਦਾ ਮੁਖੀ ਹੋਣ ਦੇ ਨਾਤੇ ਉਹ ਸਾਰੀਆਂ ਭੁੱਲਾਂ ਆਪਣੀ ਝੋਲੀ ਪਾਉਂਦੇ ਹਨ।