ਭ੍ਰਿਸ਼ਟਾਚਾਰ ਦੇ ਕੇਸ ‘ਚ ਫਸੇ ਜਲਾਲਪੁਰ ਤੇ ਹੋਰਨਾਂ ਨੂੰ ਵੱਡੀ ਰਾਹਤ
ਹਾਈ ਕੋਰਟ ਨੇ ਸਾਰਿਆਂ ਦੀ ਅੰਤ੍ਰਿਮ ਜ਼ਮਾਨਤ ਕੀਤੀ ਕਨਫਰਮ
ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਭ੍ਰਿਸ਼ਟਾਚਾਰ ਦੇ ਕੇਸ ਵਿੱਚ ਫਸੇ ਸਾਬਕਾ ਕਾਂਗਰਸੀ ਵਿਧਾਇਕ ਮਦਨ ਲਾਲ ਜਲਾਲਪੁਰ ਅਤੇ ਹੋਰਨਾਂ ਨੂੰ ਵੱਡੀ ਰਾਹਤ ਦਿੰਦਿਆਂ ਉਨ੍ਹਾਂ ਦੀ ਅੰਤ੍ਰਿਮ ਜ਼ਮਾਨਤ ਕਨਫਰਮ ਕਰ ਦਿੱਤੀ ਹੈ। ਅਦਾਲਤ ਨੇ ਜਲਾਲਪੁਰ ਅਤੇ ਹੋਰਨਾਂ ਨੂੰ ਵੀ ਜਾਂਚ ਵਿੱਚ ਸ਼ਾਮਲ ਹੋਣ ਅਤੇ ਜਾਂਚ ਟੀਮ ਨੂੰ ਪੂਰਾ ਸਹਿਯੋਗ ਦੇਣ ਦੇ ਹੁਕਮ ਦਿੱਤੇ ਹਨ। ਹਾਈ ਕੋਰਟ ਨੇ ਪਿਛਲੇ ਸਾਲ ਹੀ ਜਲਾਲਪੁਰ ਅਤੇ ਹੋਰਨਾਂ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ ਸੀ।ਵਿਜੀਲੈਂਸ ਨੇ ਕੋਲਕਾਤਾ ਏਕੀਕ੍ਰਿਤ ਕਾਰੀਡੋਰ ਲਈ ਬਲਾਕ ਸ਼ੰਭੂ ਦੇ ਪੰਜ ਪਿੰਡਾਂ ਦੀ 1104 ਏਕੜ ਜ਼ਮੀਨ ਐਕੁਆਇਰ ਕਰਨ ਵਿੱਚ ਮੁਆਵਜ਼ੇ ਨਾਲ ਸਬੰਧਤ ਬੇਨਿਯਮੀਆਂ ਲਈ 26 ਮਈ, 2022 ਨੂੰ ਜਲਾਲਪੁਰ ਅਤੇ ਹੋਰਾਂ ਨੂੰ ਨਾਮਜ਼ਦ ਕੀਤਾ ਸੀ। ਵਿਜੀਲੈਂਸ ਨੇ ਪਿਛਲੇ ਸਾਲ ਮਈ ਵਿੱਚ ਭ੍ਰਿਸ਼ਟਾਚਾਰ ਦੇ ਕੇਸ ਤਹਿਤ ਐਫਆਈਆਰ ਦਰਜ ਕੀਤੀ ਸੀ। ਇਸ ਜ਼ਮੀਨ ਦੇ ਮੁਆਵਜ਼ੇ ਵਜੋਂ ਕਰੀਬ 205 ਕਰੋੜ ਰੁਪਏ ਇਨ੍ਹਾਂ ਪੰਜ ਪਿੰਡਾਂ ਦੀਆਂ ਪੰਚਾਇਤਾਂ ਨੂੰ ਜਾਰੀ ਕਰਨ ਵਿੱਚ ਬੇਨਿਯਮੀਆਂ ਦਾ ਮਾਮਲਾ ਸਾਹਮਣੇ ਆਇਆ ਹੈ। ਬੇਨਿਯਮੀਆਂ ਦੇ ਇਸ ਮਾਮਲੇ ਵਿੱਚ ਵਿਜੀਲੈਂਸ ਬਿਊਰੋ ਪਟਿਆਲਾ ਨੇ 26 ਮਈ 2022 ਨੂੰ ਕੇਸ ਦਰਜ ਕੀਤਾ ਸੀ। ਵਿਜੀਲੈਂਸ ਟੀਮ ਵੱਲੋਂ ਇਸ ਮਾਮਲੇ ਵਿੱਚ ਕੁੱਲ 34 ਸਰਕਾਰੀ ਅਤੇ ਨਿੱਜੀ ਵਿਅਕਤੀਆਂ ਨੂੰ ਨਾਮਜ਼ਦ ਕੀਤਾ ਗਿਆ ਹੈ। ਇਨ੍ਹਾਂ ਵਿੱਚ ਕੁਝ ਪ੍ਰਾਈਵੇਟ ਫਰਮਾਂ ਵੀ ਸ਼ਾਮਲ ਹਨ।