ਲੋਕ ਸਭਾ ਮੈਂਬਰ ਰਾਜਾ ਵੜਿੰਗ ਦੀ ਪਤਨੀ ਅੰਮ੍ਰਿਤਾ ਵੜਿੰਗ ਨੇ ਕੀਤੀ ਪੁਲਸ ਕਮਿਸਨਰ ਤੇ ਜੇਰੇ ਇਲਾਜ ਨਵੀਨ ਤੇ ਇੰਦਰਜੀਤ ਨਾਲ ਮੁਲਾਕਾਤ
ਲੁਧਿਆਣਾ : ਸਨਅਤੀ ਸ਼ਹਿਰ ਦੀ ਸਿੰਧੀ ਬੇਕਰੀ ਵਿੱਚ ਗੋਲੀ ਚਲਾਉਣ ਦੇ ਮਾਮਲੇ ਵਿੱਚ ਅੱਜ ਲੋਕ ਸਭਾ ਮੈਂਬਰ ਰਾਜਾ ਵੜਿੰਗ ਦੀ ਪਤਨੀ ਅੰਮ੍ਰਿਤਾ ਵੜਿੰਗ ਨੇ ਪੁਲੀਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਨਾਲ ਮੀਟਿੰਗ ਕੀਤੀ ਤੇ ਉਸ ਤੋਂ ਬਾਅਦ ਡੀਐੱਮਸੀ ਹਸਪਤਾਲ ਵਿੱਚ ਜ਼ੇਰੇ ਇਲਾਜ ਨਵੀਨ ਤੇ ਇੰਦਰਜੀਤ ਦਾ ਹਾਲ-ਚਾਲ ਪੁੱਛਿਆ।ਅੰਮ੍ਰਿਤਾ ਵੜਿੰਗ ਨੇ ਸਾਬਕਾ ਕਾਂਗਰਸੀ ਵਿਧਾਇਕਾਂ ਨਾਲ ਡੀਐੱਮਸੀ ਹਸਪਤਾਲ ਪਹੁੰਚ ਕੇ ਸਿੰਧੀ ਬੇਕਰੀ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਜ਼ਖ਼ਮੀ ਨਵੀਨ ਦਾ ਹਾਲ-ਚਾਲ ਪੁੱਛਿਆ। ਜਿਸ ਤੋਂ ਬਾਅਦ ਅੰਮ੍ਰਿਤਾ ਵੜਿੰਗ ਨੇ ਪਰਿਵਾਰ ਨੂੰ ਹੌਂਸਲਾ ਦਿੱਤਾ ਕਿ ਸਮੁੱਚੀ ਕਾਂਗਰਸ ਪਾਰਟੀ ਉਨ੍ਹਾਂ ਦੇ ਨਾਲ ਖੜ੍ਹੀ ਹੈ। ਅੰਮ੍ਰਿਤਾ ਵੜਿੰਗ ਨੇ ਕਿਹਾ ਕਿ ਸਿੰਧੀ ਬੇਕਰੀ ਮਾਲਕ ’ਤੇ ਹੋਏ ਹਮਲੇ ਤੋਂ ਬਾਅਦ ਉਹ ਸਾਰੇ ਸਾਬਕਾ ਕਾਂਗਰਸੀ ਵਿਧਾਇਕਾਂ ਸਮੇਤ ਪੁਲੀਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਨੂੰ ਮਿਲੀ ਹੈ। ਪੁਲੀਸ ਕਮਿਸ਼ਨਰ ਨਾਲ ਮੁਲਾਕਾਤ ਦੌਰਾਨ ਉਨ੍ਹਾਂ ਅਮਨ-ਕਾਨੂੰਨ ਦੇ ਮਾਮਲੇ ਸਬੰਧੀ ਉਨ੍ਹਾਂ ਨਾਲ ਗੱਲਬਾਤ ਕੀਤੀ। ਇਸ ਦੌਰਾਨ ਉਨ੍ਹਾਂ ਨਾਲ ਸਾਬਕਾ ਵਿਧਾਇਕ ਤੇ ਜ਼ਿਲ੍ਹਾ ਪ੍ਰਧਾਨ ਸੰਜੈ ਤਲਵਾੜ, ਸਾਬਕਾ ਵਿਧਾਇਕ ਸੁਰਿੰਦਰ ਡਾਵਰ ਸਣੇ ਵੱਡੀ ਗਿਣਤੀ ਵਿੱਚ ਕਾਂਗਰਸੀ ਮੌਜੂਦ ਸਨ।