ਵਧੀਕ ਡਿਪਟੀ ਕਮਿਸ਼ਨਰ ਵੱਲੋਂ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦੀ ਸਮੀਖਿਆ
13 ਅਗਸਤ ਨੂੰ ਪੁਲਿਸ ਲਾਈਨ ਸਟੇਡੀਅਮ ਵਿਖੇ ਹੋਵੇਗੀ ਫੁੱਲ ਡਰੈਸ ਰਿਹਰਸਲ
ਸੰਗਰੂਰ, 8 ਅਗਸਤ : ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਅੱਜ ਵਧੀਕ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਦੌਰਾਨ ਅਧਿਕਾਰੀਆਂ ਤੋਂ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਦੀਆਂ ਤਿਆਰੀਆਂ ਸਬੰਧੀ ਜਾਇਜ਼ਾ ਲਿਆ। ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਤਿਆਰੀਆਂ ਸਬੰਧੀ ਫੁੱਲ ਡਰੈਸ ਰਿਹਰਸਲ 13 ਅਗਸਤ ਨੂੰ ਪੁਲਿਸ ਲਾਈਨ ਸਟੇਡੀਅਮ ਸੰਗਰੂਰ ਵਿਖੇ ਹੋਵੇਗੀ ਜਿਸ ਸਬੰਧੀ ਸਾਰੀਆਂ ਟੀਮਾਂ ਤੇ ਪਰੇਡ ਟੁਕੜੀਆਂ ਨੂੰ ਅਭਿਆਸ ਕਰਨ ਲਈ ਹਦਾਇਤ ਕੀਤੀ ਗਈ। ਮੀਟਿੰਗ ਦੌਰਾਨ ਪੁਲਿਸ ਨੂੰ ਆਜ਼ਾਦੀ ਦਿਵਸ ਸਮਾਰੋਹ ਲਈ ਸੁਰੱਖਿਆ ਵਿਵਸਥਾ ਤੇ ਆਵਾਜਾਈ ਵਿਵਸਥਾ ਨੂੰ ਸੁਚਾਰੂ ਢੰਗ ਨਾਲ ਜਾਰੀ ਰੱਖਣ ਸਬੰਧੀ ਦਿਸ਼ਾ ਨਿਰਦੇਸ਼ ਦਿੱਤੇ ਗਏ ਜਦਕਿ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਪੋ ਆਪਣੀ ਡਿਊਟੀ ਤਨਦੇਹੀ ਤੇ ਮਿਲਵਰਤਨ ਨਾਲ ਨਿਭਾਉਣ ਦੀ ਹਦਾਇਤ ਕੀਤੀ ਗਈ । ਮੀਟਿੰਗ ਦੌਰਾਨ ਐਸ.ਡੀ.ਐਮ ਸੰਗਰੂਰ ਚਰਨਜੋਤ ਸਿੰਘ ਵਾਲੀਆ ਨੇ ਦੱਸਿਆ ਕਿ ਸਕੂਲੀ ਵਿਦਿਆਰਥੀਆਂ ਤੇ ਪਰੇਡ ਟੁਕੜੀਆਂ ਵੱਲੋਂ ਸਮਾਰੋਹ ਵਿੱਚ ਸ਼ਾਮਲ ਹੋਣ ਸਬੰਧੀ ਰਿਹਰਸਲਾਂ ਆਰੰਭ ਕਰ ਦਿੱਤੀਆਂ ਗਈਆਂ ਹਨ ਅਤੇ ਸਭਿਆਚਾਰਕ ਪ੍ਰੋਗਰਾਮ ਤਹਿਤ ਪੇਸ਼ ਕੀਤੀਆਂ ਜਾਣ ਵਾਲੀਆਂ ਵੱਖ ਵੱਖ ਗਤੀਵਿਧੀਆਂ ਦਾ ਅਭਿਆਸ ਜਾਰੀ ਹੈ। ਮੀਟਿੰਗ ਦੌਰਾਨ ਸਹਾਇਕ ਕਮਿਸ਼ਨਰ ਉਪਿੰਦਰਜੀਤ ਕੌਰ ਬਰਾੜ, ਐਸ.ਪੀ ਰਾਕੇਸ਼ ਕੁਮਾਰ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।