ਵਿਦਿਆਰਥੀਆਂ ਨੂੰ ਪਤੰਗ ਉਡਾਉਣ ਲਈ ਚਾਈਨਾ ਡੋਰ ਦੀ ਵਰਤੋਂ ਨਾ ਕਰਨ ਬਾਰੇ ਪ੍ਰੇਰਿਤ ਕਰਨ ਲਈ ਸੈਮੀਨਾਰ ਕਰਵਾਇਆ
ਸੰਗਰੂਰ, 7 ਅਗਸਤ : ਸੁਤੰਤਰਤਾ ਸੰਗਰਾਮੀ ਜਥੇਦਾਰ ਕਰਤਾਰ ਸਿੰਘ ਦਰਵੇਸ਼ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਸੰਗਰੂਰ ਵਲੋਂ ਚਾਈਨਾ ਡੋਰ ਜਾਂ ਮਾਝੇ ਸਮੇਤ ਪਤੰਗ ਉਡਾਉਣ ਵਾਲੇ ਤਿੱਖੇ ਧਾਗੇ ਦੀ ਵਰਤੋਂ ਨਾ ਕਰਨ ਬਾਰੇ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ । ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਕਰਵਾਏ ਸੈਮੀਨਾਰ ਦੌਰਾਨ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਸੰਗਰੂਰ ਦੇ ਜੂਨੀਅਰ ਵਾਤਾਵਰਨ ਇੰਜੀਨੀਅਰ ਹਰਜੀਤ ਸਿੰਘ ਵਿਰਦੀ ਵੱਲੋਂ ਸਕੂਲ ਦੇ ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਚਾਈਨਾ ਡੋਰ ਦੇ ਮਾੜੇ ਪ੍ਰਭਾਵਾਂ ਬਾਰੇ ਵਿਸਥਾਰ ਪੂਰਵਕ ਸਮਝਾਇਆ ਗਿਆ। ਉਨ੍ਹਾਂ ਨੂੰ ਦੱਸਿਆ ਗਿਆ ਕਿ ਕਿਵੇਂ ਚਾਈਨਾ ਡੋਰ ਨਾਲ ਗੰਭੀਰ ਹਾਦਸੇ, ਮਨੁੱਖੀ ਸੱਟਾਂ ਅਤੇ ਮਾਸੂਮ ਪੰਛੀਆਂ ਅਤੇ ਜਾਨਵਰਾਂ ਦੇ ਮਾਰੇ ਜਾਣ ਦੇ ਮਾਮਲੇ ਅਕਸਰ ਸਾਹਮਣੇ ਆਉਂਦੇ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਇਸ ਨਾਲ ਕੁਝ ਹਾਲਾਤਾਂ ਵਿੱਚ ਬਿਜਲੀ ਦਾ ਝਟਕਾ ਲਗਣ ਦਾ ਖ਼ਤਰਾ ਵੀ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਚਾਈਨਾ ਡੋਰ/ਮਾਝੇ ਨਾਲ ਵਾਤਾਵਰਨ ਉੱਤੇ ਵੀ ਬਹੁਤ ਮਾੜੇ ਪ੍ਰਭਾਵ ਪੈਂਦੇ ਹਨ ਜਿਵੇਂ ਕਿ ਇਹ ਗਲਣਸ਼ੀਲ ਪਦਾਰਥ ਨਹੀਂ ਹੈ ਅਤੇ ਇਸ ਨਾਲ ਧਰਤੀ ਵੀ ਪ੍ਰਦੂਸ਼ਿਤ ਹੁੰਦੀ ਹੈ ।
ਉਨ੍ਹਾਂ ਦਸਿਆ ਕਿ ਜਿਲ੍ਹੇ ਵਿੱਚ ਪਤੰਗ ਉਡਾਉਣ ਵਾਲੀ ਸਮੱਗਰੀ ਦੀ ਸਪਲਾਈ ਵਿਚ ਲੱਗੇ ਥੋਕ ਵਿਕਰੇਤਾਵਾਂ ਅਤੇ ਡੀਲਰਾਂ ਨੂੰ ਨੋਟਿਸ ਜਾਰੀ ਕੀਤੇ ਗਏ ਸਨ ਜਿਨ੍ਹਾਂ ਨੂੰ ਬੋਰਡ ਦੇ ਮੁੱਖ ਵਾਤਾਵਰਨ ਇੰਜੀਨੀਅਰ (ਬਠਿੰਡਾ) ਵੱਲੋਂ ਮੁੱਖ ਦਫਤਰ ਪਟਿਆਲਾ ਵਿਖੇ ਮੀਟਿੰਗ ਬੁਲਾ ਕੇ ਚਾਈਨਾ ਡੋਰ ਦੇ ਮਾੜੇ ਪ੍ਰਭਾਵਾਂ ਬਾਰੇ ਦੱਸਿਆ ਗਿਆ ਸੀ ਅਤੇ ਭਵਿੱਖ ਵਿੱਚ ਇਸ ਦੀ ਵਿਕਰੀ ਨਾ ਕਰਨ ਦੇ ਦਿਸ਼ਾ ਨਿਰਦੇਸ਼ ਵੀ ਦਿੱਤੇ ਗਏ ਸਨ । ਸੈਮੀਨਾਰ ਦੌਰਾਨ ਵਿਦਿਆਰਥੀਆਂ ਵੱਲੋਂ ਚਾਈਨਾ ਡੋਰ ਦੀ ਵਰਤੋਂ ਨਾ ਕਰਨ ਦਾ ਪ੍ਰਣ ਲਿਆ ਗਿਆ ।