ਵੱਡੇ-ਵੱਡੇ ਦਾਅਵੇ ਕਰਕੇ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਵੱਲੋਂ ਲੋਕਤੰਤਰ ਦਾ ਘਾਣ ਕੀਤਾ ਜਾ ਰਿਹੈ : ਰੰਧਾਵਾ
ਜ਼ੀਰਾ : ਪਿਛਲੇ ਦਿਨੀਂ ਸਰਪੰਚੀ ਚੋਣਾਂ ਦੀਆਂ ਨਾਮਜ਼ਦਗੀਆਂ ਨੂੰ ਲੈ ਕੇ ਜ਼ੀਰਾ ਵਿਖੇ ਕਾਂਗਰਸ ਪਾਰਟੀ ਅਤੇ ਆਮ ਆਦਮੀ ਪਾਰਟੀ ਦੇ ਵਰਕਰਾਂ ਦਰਮਿਆਨ ਝੜਪ ਹੋ ਗਈ ਸੀ, ਜਿਸ ਵਿੱਚ ਹਲਕਾ ਜ਼ੀਰਾ ਦੇ ਸਾਬਕਾ ਵਿਧਾਇਕ ਅਤੇ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ ਜ਼ਖਮੀ ਹੋ ਗਏ ਸਨ, ਜਿਨ੍ਹਾਂ ਦਾ ਬੁੱਧਵਾਰ ਨੂੰ ਹਾਲਚਾਲ ਪੁੱਛਣ ਲਈ ਸੁਖਜਿੰਦਰ ਸਿੰਘ ਰੰਧਾਵਾ ਲੋਕ ਸਭਾ ਮੈਂਬਰ ਗੁਰਦਾਸਪੁਰ (ਸਾਬਕਾ ਉੱਪ ਮੁੱਖ ਮੰਤਰੀ ਪੰਜਾਬ) ਜ਼ੀਰਾ ਵਿਖੇ ਪਹੁੰਚੇ।ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰੰਧਾਵਾ ਨੇ ਕਿਹਾ ਕਿ ਵੱਡੇ-ਵੱਡੇ ਦਾਅਵੇ ਕਰਕੇ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਵੱਲੋਂ ਲੋਕਤੰਤਰ ਦਾ ਘਾਣ ਕੀਤਾ ਜਾ ਰਿਹਾ ਹੈ। ਆਪ ਨੇ ਪੰਜਾਬ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ, ਆਏ ਦਿਨ ਗੋਲੀਆਂ ਚੱਲਣ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਸ਼ਰੇਆਮ ਧੱਕੇਸ਼ਾਹੀ ਕੀਤੀ ਜਾ ਰਹੀ ਹੈ ਜੋ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਹਲਕਾ ਜ਼ੀਰਾ ਵਿੱਚ ਸਰਪੰਚੀ ਦੀਆਂ ਨਾਮਜ਼ਦਗੀਆਂ ਦਾਖ਼ਲ ਕਰਨ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਕਾਂਗਰਸ ਪਾਰਟੀ ਦੇ ਵਰਕਰਾਂ ਨਾਲ ਸ਼ਰੇਆਮ ਧੱਕਾ ਕੀਤਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੀ ਚਾਰ ਤਰੀਕ ਨੂੰ ਹਰ ਹਾਲਤ ਵਿੱਚ ਕਾਂਗਰਸ ਪਾਰਟੀ ਵੱਲੋਂ ਸਰਪੰਚੀ ਚੋਣਾਂ ਵਿੱਚ ਆਪਣੇ ਉਮੀਦਵਾਰਾਂ ਦੀਆਂ ਨਾਮਜ਼ਦਗੀਆਂ ਕਰਵਾਈਆਂ ਜਾਣਗੀਆਂ।