ਸ਼ਾਮ ਸੂਰਜ ਡੁੱਬਣ ਤੋਂ ਬਾਅਦ ਅਤੇ ਸਵੇਰੇ ਸੂਰਜ ਚੜ੍ਹਨ ਤੋਂ ਪਹਿਲਾਂ ਗਊ ਵੰਸ਼ ਦੀ ਢੋਆ-ਢੁਆਈ ‘ਤੇ ਪਾਬੰਦੀ ਦੇ ਹੁਕਮ ਜਾਰੀ
ਪਟਿਆਲਾ, 8 ਅਗਸਤ: ਵਧੀਕ ਜ਼ਿਲ੍ਹਾ ਮੈਜਿਸਟਰੇਟ ਮੈਡਮ ਕੰਚਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਪਟਿਆਲਾ ਦੀ ਹੱਦ ਅੰਦਰ ਸ਼ਾਮ ਨੂੰ ਸੂਰਜ ਡੁੱਬਣ ਤੋਂ ਬਾਅਦ ਅਤੇ ਸਵੇਰੇ ਸੂਰਜ ਚੜ੍ਹਨ ਤੋਂ ਪਹਿਲਾਂ ਗਊ ਵੰਸ਼ ਦੀ ਢੋਆ-ਢੁਆਈ ‘ਤੇ ਪੂਰਨ ਪਾਬੰਦੀ ਲਗਾਈ ਹੈ ਅਤੇ ਜਿਨ੍ਹਾਂ ਲੋਕਾਂ ਨੇ ਗਊ ਵੰਸ਼ ਰੱਖੇ ਹੋਏ ਹਨ ਉਨ੍ਹਾਂ ਨੂੰ ਪਸ਼ੂ ਪਾਲਣ ਵਿਭਾਗ ਕੋਲ ਰਜਿਸਟਰਡ ਕਰਾਉਣ ਦੇ ਆਦੇਸ਼ ਦਿੱਤੇ ਹਨ। ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਆਮ ਵੇਖਣ ਵਿੱਚ ਆਇਆ ਹੈ ਲਾਵਾਰਸ ਗਊਆਂ ਕਾਰਨ ਰਾਤ ਸਮੇਂ ਸੜਕ ‘ਤੇ ਕਈ ਵਾਰ ਐਕਸੀਡੈਂਟ ਹੋ ਜਾਂਦੇ ਹਨ। ਇਸ ਕਾਰਨ ਆਮ ਲੋਕਾਂ ਦਾ ਜਾਨੀ ਤੇ ਮਾਲੀ ਨੁਕਸਾਨ ਵੀ ਹੁੰਦਾ ਹੈ। ਐਕਸੀਡੈਂਟ ਕਾਰਨ ਗਊ ਵੰਸ਼ ਸਬੰਧੀ ਕਈ ਵਾਰ ਲੋਕਾਂ ਵੱਲੋਂ ਇਹ ਇਲਜਾਮ ਲਗਾਇਆ ਜਾਂਦਾ ਹੈ ਕਿ ਇਹਨਾਂ ਨੂੰ ਕਿਸੇ ਸ਼ਰਾਰਤੀ ਅਨਸਰਾਂ ਨੇ ਮਾਰ ਕੇ ਸੁੱਟ ਦਿੱਤਾ ਹੈ ਜਿਸ ਨਾਲ ਸਮਾਜ ਦੇ ਵੱਡੇ ਵਰਗ ਵਿੱਚ ਬੇਚੈਨੀ ਫੈਲਦੀ ਹੈ।
ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਪਟਿਆਲਾ ਨੂੰ ਨਿਰਦੇਸ਼ ਦਿੱਤੇ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਜ਼ਿਲ੍ਹੇ ਦੇ ਸ਼ਹਿਰਾਂ ਅਤੇ ਪਿੰਡਾਂ ਵਿੱਚ ਜਿਨ੍ਹਾਂ ਲੋਕਾਂ ਕੋਲ ਗਊ ਵੰਸ਼ ਰੱਖਿਆ ਹੋਇਆ ਹੈ, ਉਹ ਉਹਨਾਂ ਨੂੰ ਰਜਿਸਟਰਡ ਜ਼ਰੂਰ ਕਰਵਾਉਣ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਗਊ ਵੰਸ਼ ਨੂੰ ਲੈ ਕੇ ਕੋਈ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ ਅਤੇ ਗਊ ਵੰਸ਼ ਦੀ ਸੁਰੱਖਿਆ ਸਬੰਧੀ ਉਪਰਾਲੇ ਕੀਤੇ ਜਾ ਸਕਣ। ਇਹ ਹੁਕਮ 5 ਅਕਤੂਬਰ 2024 ਤੱਕ ਲਾਗੂ ਰਹਿਣਗੇ ਅਤੇ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਵਿਅਕਤੀ ਖਿਲਾਫ਼ ਕਾਨੂੰਨੀ ਕਾਰਵਾਈ ਨੂੰ ਅਮਲ ਵਿੱਚ ਲਿਆਂਦਾ ਜਾਵੇਗਾ।