ਮਾਮਲਾ ਸਿਰਸਾ ਦੇ ਡੇਰਾ ਮੁਖੀ ਗੁਰਮੀਤ ਰਾਮ ਰਹੀਤ ਨੂੰ ਮੁਆਫੀ ਦੇਣ ਦਾ
ਸੁਖਬੀਰ ਇਕੱਲਾ ਨਹੀਂ ਬਲਕਿ ਉਸ ਸਮੇਂ ਦੇ ਸ੍ਰੀ ਅਕਾਲ ਦਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਵੀ ਬਰਾਬਰ ਦੇ ਦੋਸ਼ੀ ਹਨ : ਬਿੱਟੂ, ਮਾਨ
ਅੰਮ੍ਰਿਤਸਰ : ਸਿਰਸਾ ਦੇ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਮੁਆਫ਼ੀ ਦੇਣ ਲਈ ਅਕਾਲੀ ਦਲ ਦਾ ਮੁਖੀ ਸੁਖਬੀਰ ਬਾਦਲ ਇਕੱਲਾ ਦੋਸ਼ੀ ਨਹੀਂ ਹੈ, ਬਲਕਿ ਉਸ ਸਮੇਂ ਦੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਵੀ ਬਰਾਬਰ ਦੇ ਦੋਸ਼ੀ ਹਨ ਸਬੰਧੀ ਗੱਲ ਆਖਦਿਆਂ ਦਲ ਖਾਲਸਾ ਇੰਟਰਨੈਸ਼ਨਲ ਦੇ ਬੁਲਾਰੇ ਕੰਵਰਪਾਲ ਸਿੰਘ ਬਿੱਟੂ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਇਮਾਨ ਸਿੰਘ ਮਾਨ ਤੇ ਉਪਕਾਰ ਸਿੰਘ ਸੰਧੂ ਨੇ ਕਿਹਾ ਕਿ ਪਿਛਲੀ ਅਕਾਲੀ ਸਰਕਾਰ ਸਮੇਂ ਸਾਬਕਾ ਡਿਪਟੀ ਸੀ. ਐੱਮ. ਅਤੇ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਦੇ ਕਹਿਣ `ਤੇ ਹੀ ਜਥੇਦਾਰ ਗੁਰਬਚਨ ਸਿੰਘ ਨੇ ਡੇਰਾ ਮੁਖੀ ਨੂੰ ਮੁਆਫ਼ੀ ਦਿੱਤੀ ਸੀ। ਉਨ੍ਹਾਂ ਕਿਹਾ ਕਿ ਮੌਜੂਦਾ ਸੰਕਟ ਸ਼੍ਰੋਮਣੀ ਅਕਾਲੀ ਦਲ ਦਾ ਅੰਦਰੂਨੀ ਸੰਕਟ ਹੈ। ਇਹ ਪਾਰਟੀ ਦੀ ਹੋਂਦ ਦੀ ਲੜਾਈ ਹੈ, ਸੁਖਬੀਰ ਅਤੇ ਬਾਗੀ ਧੜੇ ਦੀ ਇਸ ਲੜਾਈ ਵਿਚ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਹੋਰ ਸਿੰਘ ਸਾਹਿਬਾਨਾਂ ਨੂੰ ਇਕ ਵਾਰ ਫਿਰ ਤੋਂ ਸੁਖਬੀਰ ਨੇ ਮੋਹਰਾ ਬਣਾਇਆ ਹੈ। ਉਨ੍ਹਾਂ ਕਿਹਾ ਕਿ ਜਥੇਦਾਰ ਰਘਬੀਰ ਸਿੰਘ ਸੁਖਬੀਰ ਅਤੇ ਬਾਗੀ ਧੜੇ ਦੇ ਆਗੂਆਂ ਨੂੰ ਪ੍ਰੇਮ ਸਿੰਘ ਚੰਦੂਮਾਜਰਾ, ਪਰਮਿੰਦਰ ਢੀਡਸਾ, ਬੀਬੀ ਜਗੀਰ ਕੌਰ ਹੀ ਨਹੀਂ ਬਲਕਿ ਡੇਰਾ ਮੁਖੀ ਨੂੰ ਮੁਆਫੀ ਦੇਣ ਵਾਲੇ ਸਾਬਕਾ ਜਥੇਦਾਰ ਗੁਰਬਚਨ ਸਿੰਘ ਨੂੰ ਵੀ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਤਲਬ ਕਰਕੇ ਸਖ਼ਤ ਧਾਰਮਿਕ ਸਜ਼ਾ ਦੇਣ। ਉਨ੍ਹਾਂ ਕਿਹਾ ਕਿ ਮੌਜੂਦਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਿੰਘ ਸਾਹਿਬਾਨ ਨੂੰ ਹੋਂਦ ਦੀ ਲੜਾਈ ਵਿਚ ਧੱਕੇ ਨਾਲ ਘਸੀਟਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਇਕ ਵਾਰ ਫਿਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਆਪਣੇ ਸਿਆਸੀ ਹਿੱਤਾਂ ਲਈ ਵਰਤ ਰਹੇ ਹੈ।