ਸੂਬਾ ਸਰਕਾਰ ਦੇਸ਼ ਅਤੇ ਸੂਬੇ ਦੀ ਤਰੱਕੀ ਲਈ ਐੱਨ.ਐੱਚ.ਏ.ਆਈ. ਨੂੰ ਸਹਿਯੋਗ ਦੇਣ ਅਤੇ ਆਪਸੀ ਤਾਲਮੇਲ ਰਾਹੀਂ ਕੰਮ ਕਰਨ ਲਈ ਵਚਨਬੱਧ ਹੈ : ਮੁੱਖ ਮੰਤਰੀ ਭਗਵੰਤ ਮਾਨ
ਨਵੀਂ ਦਿੱਲੀ : ਸੂਬਾ ਸਰਕਾਰ ਦੇਸ਼ ਅਤੇ ਸੂਬੇ ਦੀ ਤਰੱਕੀ ਲਈ ਐੱਨ. ਐੱਚ. ਏ. ਆਈ. ਨੂੰ ਸਹਿਯੋਗ ਦੇਣ ਅਤੇ ਆਪਸੀ ਤਾਲਮੇਲ ਰਾਹੀਂ ਕੰਮ ਕਰਨ ਲਈ ਵਚਨਬੱਧ ਹੈ, ਇਹ ਗੱਲ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਕੇਂਦਰੀ ਆਵਾਜਾਈ ਮੰਤਰੀ ਨਿਤਿਨ ਗਡਕਰੀ ਨੂੰ ਪੰਜਾਬ ਦੇ ਕਈ ਪ੍ਰਾਜੈਕਟਾਂ ਨੂੰ ਦਿੱਤੇ ਜਾਣ ਵਾਲੇ ਸਹਿਯੋਗ ਦੇਣ ਦੇ ਚਲਦਿਆਂ ਕਹੀ। ਕੇਂਦਰੀ ਸੜਕ ਆਵਾਜਾਈ ਅਤੇ ਕੌਮੀ ਰਾਜ ਮਾਰਗ ਮੰਤਰੀ ਨਿਤਿਨ ਗਡਕਰੀ ਨੂੰ ਇਕ ਪੱਤਰ ਲਿਖ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੇਸ਼ ਅਤੇ ਸੂਬਾ ਦੋਵਾਂ ਲਈ ਐੱਨ.ਐੱਚ.ਏ.ਆਈ. ਪ੍ਰਾਜੈਕਟਾਂ ਦੀ ਮਹੱਤਤਾ ਨੂੰ ਚੰਗੀ ਤਰ੍ਹਾਂ ਸਮਝਦੀ ਹੈ ਅਤੇ ਪੰਜਾਬ ਸਰਕਾਰ ਇਨ੍ਹਾਂ ਪ੍ਰਾਜੈਕਟਾਂ ਨੂੰ ਤੇਜ਼ੀ ਨਾਲ ਲਾਗੂ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਜ਼ਮੀਨ ਪ੍ਰਾਪਤੀ ਅਤੇ ਹੋਰ ਸਬੰਧਤ ਮਾਮਲਿਆਂ ਵਿੱਚ ਐੱਨ.ਐੱਚ.ਏ.ਆਈ. ਦੀ ਸਰਗਰਮੀ ਨਾਲ ਸਹਾਇਤਾ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹੀ ਕਾਰਨ ਹੈ ਕਿ ਕੁਝ ਕੁ ਨੂੰ ਛੱਡ ਕੇ ਸੂਬੇ ਵਿੱਚ ਐੱਨ. ਐੱਚ. ਏ. ਆਈ. ਦੇ ਜਿ਼ਆਦਾਤਰ ਪ੍ਰਾਜੈਕਟ ਲੀਹ `ਤੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਇਸ ਸਭ ਦੇ ਬਾਵਜੂਦ ਪੰਜਾਬ ਪੁਲਸ ਇੱਕ ਬਿਹਤਰੀਨ ਫੋਰਸ ਹੋਣ ਦੇ ਨਾਤੇ, ਐੱਨ. ਐੱਚ. ਏ. ਆਈ. ਦੀਆਂ ਸੁਰੱਖਿਆ ਸਬੰਧੀ ਚਿੰਤਾਵਾਂ ਦਾ ਖਿਆਲ ਰੱਖਣ ਲਈ ਵਚਨਬੱਧ ਹੈ ਅਤੇ ਉਨ੍ਹਾਂ ਨੇ ਪਹਿਲਾਂ ਹੀ ਸਥਾਨਕ ਪੁਲਸ ਨੂੰ ਕਾਨੂੰਨ ਅਤੇ ਵਿਵਸਥਾ ਬਣਾਈ ਰੱਖਣ ਲਈ ਇਲਾਕੇ ਵਿੱਚ ਗਸ਼ਤ ਟੀਮਾਂ ਤਾਇਨਾਤ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਜਿੱਥੋਂ ਤੱਕ ਜ਼ਮੀਨ ਗ੍ਰਹਿਣ ਨਾਲ ਸਬੰਧਤ ਮੁੱਦਿਆਂ ਦੀ ਗੱਲ ਹੈ, ਕੇਂਦਰੀ ਮੰਤਰੀ ਨੂੰ ਇਸ ਗੱਲ ਦੀ ਕਦਰ ਕਰਨੀ ਚਾਹੀਦੀ ਹੈ ਕਿ ਸੂਬੇ ਦੇ ਕਿਸਾਨ ਆਪਣੀ ਜ਼ਮੀਨ ਨਾਲ ਭਾਵਨਾਤਮਕ ਤੌਰ `ਤੇ ਜੁੜੇ ਹੋਏ ਹਨ, ਕਿਉਂਕਿ ਇਹ ਉਨ੍ਹਾਂ ਦੀ ਬੇਸ਼ਕੀਮਤੀ ਜਾਇਦਾਦ ਹੈ ਅਤੇ ਇਹ ਉਨ੍ਹਾਂ ਦੀ ਰੋਜ਼ੀ-ਰੋਟੀ ਦਾ ਮੁੱਖ ਵਸੀਲਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਤੋਂ ਇਲਾਵਾ ਪੰਜਾਬ ਵਿੱਚ ਜ਼ਮੀਨਾਂ ਦੇ ਭਾਅ ਜ਼ਿਆਦਾ ਹਨ, ਇਸ ਲਈ ਜੇਕਰ ਕਿਸਾਨਾਂ ਨੂੰ ਲੱਗਦਾ ਹੈ ਕਿ ਉਨ੍ਹਾਂ ਨੂੰ ਜ਼ਮੀਨਾਂ ਦੇ ਬਣਦੇ ਭਾਅ ਨਹੀਂ ਮਿਲ ਰਹੇ ਤਾਂ ਉਹ ਆਪਣੀਆਂ ਜ਼ਮੀਨਾਂ ਦੇਣ ਲਈ ਰਾਜ਼ੀ ਨਹੀਂ ਹੁੰਦੇ।