ਵਧੀਕ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਵੱਲੋਂ ਐਸ.ਜੀ.ਪੀ.ਸੀ ਚੋਣਾਂ ਲਈ ਵੋਟਰਾਂ ਦੀ ਰਜਿਸਟਰੇਸ਼ਨ ਪ੍ਰਗਤੀ ਦਾ ਜਾਇਜ਼ਾ
ਸੰਗਰੂਰ, 6 ਅਗਸਤ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਚੋਣਾਂ ਲਈ ਵੋਟਰਾਂ ਦੀ ਰਜਿਸਟਰੇਸ਼ਨ ਪ੍ਰਕਿਰਿਆ ਦਾ ਜਾਇਜ਼ਾ ਲੈਂਦਿਆਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਰਜੀਤ ਵਾਲੀਆ ਨੇ ਸਮੂਹ ਰਿਵਾਈਜਿੰਗ ਅਥਾਰਟੀਜ਼ ਤੇ ਸਹਾਇਕ ਰਿਵਾਈਜਿੰਗ ਅਥਾਰਟੀਜ਼ ਨੂੰ ਹਦਾਇਤ ਕੀਤੀ ਕਿ ਸ਼ਹਿਰੀ ਤੇ ਦਿਹਾਤੀ ਖੇਤਰਾਂ ਵਿੱਚ ਲਗਾਏ ਜਾ ਰਹੇ ਲੋਕ ਸੁਵਿਧਾ ਕੈਂਪਾਂ ਦੌਰਾਨ ਲੋਕਾਂ ਨੂੰ ਇਨ੍ਹਾਂ ਵੋਟਾਂ ਦੀ ਰਜਿਸਟਰੇਸ਼ਨ ਕਰਵਾਉਣ ਲਈ ਪ੍ਰੇਰਿਤ ਕੀਤਾ ਜਾਵੇ। ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵੋਟਰਾਂ ਦੀ ਸੁਵਿਧਾ ਲਈ ਰਜਿਸਟਰੇਸ਼ਨ ਪ੍ਰਕਿਰਿਆ ਦੀ ਅੰਤਿਮ ਤਾਰੀਖ ਵਧਾ ਕੇ 16 ਸਤੰਬਰ ਕੀਤੀ ਗਈ ਹੈ, ਜਿਸ ਬਾਰੇ ਵੱਧ ਤੋਂ ਵੱਧ ਜਾਗਰੂਕਤਾ ਪੈਦਾ ਕੀਤੇ ਜਾਣ ਦੀ ਲੋੜ ਹੈ, ਤਾਂ ਜੋ ਕੋਈ ਵੀ ਯੋਗ ਵੋਟਰ, ਇਹ ਵੋਟ ਬਣਵਾਉਣ ਤੋਂ ਵਾਂਝਾ ਨਾ ਰਹੇ । ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 17 ਸਤੰਬਰ ਤੋਂ 8 ਅਕਤੂਬਰ ਤੱਕ ਵੋਟਰ ਸੂਚੀ ਦੀ ਤਿਆਰੀ ਤੇ ਛਪਾਈ ਕਰਵਾਈ ਜਾਵੇਗੀ। ਉਨ੍ਹਾਂ ਨੇ ਆਮ ਲੋਕਾਂ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਗੁਰਦੁਆਰਾ ਵੋਟਰ ਸੂਚੀ ਵਿੱਚ ਆਪਣਾ ਨਾਮ ਦਰਜ ਕਰਵਾਉਣ ਲਈ ਸਬੰਧਤ ਪਿੰਡ ਦੇ ਪਟਵਾਰੀ ਅਤੇ ਸ਼ਹਿਰ ਵਿੱਚ ਨਿਯੁਕਤ ਕਰਮਚਾਰੀ ਨੂੰ ਆਪਣਾ ਫਾਰਮ ਨੰਬਰ 1 ਭਰ ਕੇ ਨਿਰਧਾਰਿਤ ਸਮੇਂ ਅੰਦਰ ਜਮ੍ਹਾਂ ਕਰਵਾਇਆ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਨ੍ਹਾਂ ਚੋਣਾਂ ਸਬੰਧੀ ਲੋਕਾਂ ਨੂੰ ਘਰ ਘਰ ਜਾ ਕੇ ਜਾਗਰੂਕ ਕੀਤਾ ਜਾਵੇ ਤਾਂ ਜੋ ਕੋਈ ਵੀ ਯੋਗ ਵਿਅਕਤੀ ਵੋਟ ਬਣਵਾਉਣ ਤੋਂ ਵਾਂਝਾ ਨਾ ਰਹੇ । ਮੀਟਿੰਗ ਦੌਰਾਨ ਐਸ.ਡੀ.ਐਮ ਸੰਗਰੂਰ ਚਰਨਜੋਤ ਸਿੰਘ ਵਾਲੀਆ, ਐਸ.ਡੀ.ਐਮ ਧੂਰੀ ਅਮਿਤ ਗੁਪਤਾ, ਐਸ.ਡੀ.ਐਮ ਸੁਨਾਮ ਪ੍ਰਮੋਦ ਸਿੰਗਲਾ, ਐਸ.ਡੀ.ਐਮ ਦਿੜ੍ਹਬਾ ਸੂਬਾ ਸਿੰਘ, ਐਸ.ਡੀ.ਐਮ ਦਿੜ੍ਹਬਾ ਰਾਜੇਸ਼ ਸ਼ਰਮਾ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸੁਖਚੈਨ ਸਿੰਘ ਪਾਪੜਾ, ਤਹਿਸੀਲਦਾਰ ਚੋਣਾਂ ਪਰਮਜੀਤ ਕੌਰ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।