ਯੂਥ ਕਾਂਗਰਸ ਕਰੇਗੀ 10 ਨੂੰ ਮੁੱਖ ਮੰਤਰੀ ਦੀ ਕੋਠੀ ਦਾ ਘੇਰਾਓ
ਚੰਡੀਗੜ੍ਹ : ਯੂਥ ਕਾਂਗਰਸ ਦੇ ਸੂਬਾ ਪ੍ਰਧਾਨ ਮੋਹਿਤ ਮਹਿੰਦਰਾ ਨੇ ਕਿਹਾ ਹੈ ਕਿ 10 ਦਸੰਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ। ਇਸ ਦਾ ਨਾਅਰਾ ਦਿੱਤਾ ਗਿਆ ਹੈ, ‘ਨੌਕਰੀ ਦਿਓ, ਨਸ਼ਾ ਨਹੀਂ’। 3 ਮਹੀਨਿਆਂ ਵਿੱਚ ਨਸ਼ਾ ਖਤਮ ਕਰਨ ਦਾ ਵਾਅਦਾ ਕੀਤਾ ਗਿਆ ਸੀ। ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕਾਂ ਨੂੰ ਰੰਗਲਾ ਪੰਜਾਬ ਬਣਾਉਣ ਦੇ ਸੁਪਨੇ ਦਿਖਾਏ ਪਰ ਹਕੀਕਤ ਵਿੱਚ ਅੱਜ ਪੰਜਾਬ ਗੰਧਲਾ ਹੋ ਚੁੱਕਾ ਹੈ। ਅੱਜ ਨੌਜਵਾਨਾਂ ਨੂੰ ਨੌਕਰੀਆਂ ਹੀ ਨਹੀਂ ਮਿਲ ਰਹੀਆਂ ਸਗੋਂ ਨਸ਼ੇ ਹਰ ਘਰ ਤੱਕ ਪਹੁੰਚ ਰਹੇ ਹਨ। ਜਿਸ ਕਾਰਨ ਯੂਥ ਕਾਂਗਰਸ 10 ਦਸੰਬਰ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰੇਗੀ। ਮੋਹਿਤ ਮਹਿੰਦਰਾ ਨੇ ਕਿਹਾ ਕਿ ਅੱਜ ਸਮਾਂ ਆ ਗਿਆ ਹੈ ਕਿ ਲੋਕ ਪੰਜਾਬ ਸਰਕਾਰ ਤੋਂ ਸਵਾਲ ਕਰਨ ਕਿ ਉਨ੍ਹਾਂ ਨੇ ਚੋਣਾਂ ਦੌਰਾਨ ਕੀਤੇ ਵਾਅਦਿਆਂ ਦਾ ਕੀ ਹੋਇਆ ਕਿਉਂਕਿ ਸੂਬੇ ਵਿੱਚ ਨਗਰ ਨਿਗਮ ਚੋਣਾਂ ਦਾ ਐਲਾਨ ਹੋ ਚੁੱਕਾ ਹੈ। ਨੌਜਵਾਨ ਆਗੂ ਨੇ ਕਿਹਾ ਕਿ ‘ਆਪ’ ਨੇ ਲੋਕਾਂ ਨੂੰ ਰੰਗੀਨ ਸੁਪਨੇ ਦਿਖਾ ਕੇ ਧੋਖਾ ਦਿੱਤਾ ਹੈ। ਇਸ ਲਈ ਯੂਥ ਕਾਂਗਰਸ 10 ਦਸੰਬਰ ਨੂੰ ਸੱਤਾ ਦੇ ਨਸ਼ੇ ਵਿੱਚ ਧੁੱਤ ਸਰਕਾਰ ਦੀ ਨੀਂਦ ਤੋੜਨ ਲਈ ਮੁੱਖ ਮੰਤਰੀ ਦੇ ਘਰ ਦਾ ਘਿਰਾਓ ਕਰੇਗੀ।