ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇ ਨਾਂ ਇਕ ਹੋਰ ਪ੍ਰਾਪਤੀ ਜੁੜੀ
ਜੁਲਾਈ ਮਹੀਨੇ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ ਰਿਕਾਰਡ 71 ਫੀਸਦੀ ਵਾਧਾ: ਜਿੰਪਾ
ਅਪ੍ਰੈਲ ਤੋਂ ਜੁਲਾਈ 2024 ਦੌਰਾਨ ਕੁੱਲ 27 ਫੀਸਦੀ ਵਧੀ ਆਮਦਨ
ਫੀਲਡ ਵਿੱਚ ਵਿਚਰਨ ਵਾਲੇ ਮੁੱਖ ਮੰਤਰੀ ਲੋਕਾਂ ਦੀਆਂ ਪ੍ਰੇਸ਼ਾਨੀਆਂ ਦੂਰ ਕਰਨ ਲਈ ਵਚਨਬੱਧ: ਮਾਲ ਮੰਤਰੀ
ਚੰਡੀਗੜ੍ਹ, 7 ਅਗਸਤ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਨੇ ਵੱਡੀ ਪ੍ਰਾਪਤੀ ਦਰਜ ਕੀਤੀ ਹੈ। ਪੰਜਾਬ ਵਿਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਪੰਜਾਬ ਸਰਕਾਰ ਦੇ ਖਜ਼ਾਨੇ ਵਿਚ ਜੁਲਾਈ 2024 ਦੇ ਇਕ ਮਹੀਨੇ ਦੌਰਾਨ ਹੀ ਰਿਕਾਰਡ 71 ਫੀਸਦੀ ਜ਼ਿਆਦਾ ਆਮਦਨ ਆਈ ਹੈ। ਇੱਕ ਮਹੀਨੇ ਵਿੱਚ ਏਨਾ ਵਾਧਾ ਆਪਣੇ ਆਪ ਵਿੱਚ ਇੱਕ ਵਿਲੱਖਣ ਪ੍ਰਾਪਤੀ ਹੈ । ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਹੈ ਕਿ ਪੰਜਾਬ ਵਾਸੀਆਂ ਨੂੰ ਪਾਰਦਰਸ਼ੀ, ਸਾਫ-ਸੁਥਰਾ ਅਤੇ ਭ੍ਰਿਸ਼ਟਾਚਾਰ ਮੁਕਤ ਸੇਵਾਵਾਂ ਦੇਣਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਮੁੱਖ ਟੀਚਾ ਹੈ ਅਤੇ ਇਸੇ ਸਦਕਾ ਸੂਬੇ ਦੀ ਆਮਦਨ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ਦੇ ਮੁਕਾਬਲੇ ਮਈ 2024 ਵਿੱਚ 22 ਫੀਸਦੀ, ਜੂਨ ਵਿੱਚ 42 ਫੀਸਦੀ ਅਤੇ ਜੁਲਾਈ ਮਹੀਨੇ ਵਿੱਚ 71 ਫੀਸਦੀ ਆਮਦਨ ਦਾ ਵਾਧਾ ਇਹ ਦਰਸਾਉਂਦਾ ਹੈ ਕਿ ਸਾਡਾ ਸੂਬਾ ਰੰਗਲਾ ਪੰਜਾਬ ਬਣਨ ਵੱਲ ਕਦਮ ਵਧਾ ਰਿਹਾ ਹੈ। ਵਿਸਥਾਰ ਵਿਚ ਜਾਣਕਾਰੀ ਦਿੰਦਿਆਂ ਜਿੰਪਾ ਨੇ ਦੱਸਿਆ ਕਿ ਜੁਲਾਈ 2024 ਵਿਚ ਸਟੈਂਪ ਅਤੇ ਰਜਿਸਟਰੇਸ਼ਨ ਅਧੀਨ ਪੰਜਾਬ ਸਰਕਾਰ ਨੂੰ 463.08 ਕਰੋੜ ਰੁਪਏ ਦੀ ਆਮਦਨ ਹੋਈ ਹੈ ਜੋ ਕਿ ਸਾਲ 2023 ਦੇ ਜੁਲਾਈ ਮਹੀਨੇ ਨਾਲੋਂ 71 ਫੀਸਦੀ ਜ਼ਿਆਦਾ ਹੈ। ਜੁਲਾਈ 2023 ਵਿਚ ਇਹ ਆਮਦਨ 270.67 ਕਰੋੜ ਰੁਪਏ ਸੀ । ਜਿੰਪਾ ਨੇ ਦੱਸਿਆ ਕਿ ਅਪ੍ਰੈਲ ਤੋਂ ਜੁਲਾਈ 2024 ਤੱਕ ਪੰਜਾਬ ਦੇ ਖ਼ਜ਼ਾਨੇ ਵਿੱਚ ਕੁੱਲ 1854.12 ਕਰੋੜ ਰੁਪਏ ਆਏ ਹਨ ਜਦਕਿ 2023 ਦੇ ਇਨ੍ਹਾਂ ਮਹੀਨਿਆਂ ਵਿਚ ਇਹ ਰਕਮ 1461.87 ਕਰੋੜ ਰੁਪਏ ਸੀ। ਪਿਛਲੇ ਸਾਲ ਦੇ ਮੁਕਾਬਲੇ ਇਹ ਵਾਧਾ 27 ਫੀਸਦੀ ਬਣਦਾ ਹੈ । ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਮੇਂ ਸਮੇਂ ਉੱਤੇ ਫੀਲਡ ਵਿੱਚ ਦੌਰੇ ਕਰਕੇ ਲੋਕਾਂ ਤੋਂ ਫੀਡਬੈਕ ਲੈਂਦੇ ਰਹਿੰਦੇ ਹਨ ਅਤੇ ਇਸੇ ਆਧਾਰ ਉੱਤੇ ਵਿਭਾਗਾਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕੀਤੇ ਜਾਂਦੇ ਹਨ ਤਾਂ ਜੋ ਲੋਕਾਂ ਨੂੰ ਕੋਈ ਪ੍ਰੇਸ਼ਾਨੀ ਨਾ ਆਵੇ। ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਰਾਜਪੁਰਾ ਤਹਿਸੀਲ ਦਫਤਰ ਦੇ ਦੌਰੇ ਦੌਰਾਨ ਵੀ ਮੁੱਖ ਮੰਤਰੀ ਨੇ ਲੋਕਾਂ ਨਾਲ ਗੱਲ ਕਰਕੇ ਉਨ੍ਹਾਂ ਤੋਂ ਸੁਝਾਅ ਲਏ ਸਨ ਅਤੇ ਇਸ ਦੌਰਾਨ ਲੋਕਾਂ ਨੇ ਸਰਕਾਰੀ ਦਫਤਰਾਂ ਵਿੱਚ ਮਿਲ ਰਹੀਆਂ ਸਹੂਲਤਾਂ ਦੀ ਸ਼ਲਾਘਾ ਵੀ ਕੀਤੀ ਸੀ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਪ੍ਰੇਸ਼ਾਨੀ ਤੇ ਰਿਸ਼ਵਤ ਮੁਕਤ ਸੇਵਾਵਾਂ ਦੇਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਚਨਬੱਧ ਹੈ । ਉਨ੍ਹਾਂ ਕਿਹਾ ਕਿ ਸੂਬੇ ਵਿਚ ਹਕੂਮਤ ਸੰਭਾਲਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭ੍ਰਿਸ਼ਟਾਚਾਰ ਕਰਨ ਵਾਲੇ ਅਧਿਕਾਰੀਆਂ/ਕਰਮਚਾਰੀਆਂ ਦੀ ਸ਼ਿਕਾਇਤ ਲਈ ਹੈਲਪਲਾਈਨ ਨੰਬਰ ਜਾਰੀ ਕੀਤਾ ਸੀ ਜਿਸਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਦੱਸਿਆ ਕਿ ਮਾਲ ਵਿਭਾਗ ਦੇ ਕੰਮਾਂ ਸਬੰਧੀ ਸ਼ਿਕਾਇਤ ਦਰਜ ਕਰਵਾਉਣ ਲਈ ਵੀ ਨੰਬਰ 8184900002 ਜਾਰੀ ਕੀਤਾ ਗਿਆ ਹੈ। ਐਨਆਰਆਈਜ਼ ਮਾਲ ਵਿਭਾਗ ਸਬੰਧੀ ਆਪਣੀਆਂ ਸ਼ਿਕਾਇਤਾਂ 9464100168 ਨੰਬਰ ‘ਤੇ ਦਰਜ ਕਰਵਾ ਸਕਦੇ ਹਨ। ਇਹ ਨੰਬਰ ਸਿਰਫ ਲਿਖਤੀ ਸ਼ਿਕਾਇਤ ਲਈ ਹਨ । ਜਿੰਪਾ ਨੇ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਮਾਲ ਵਿਭਾਗ ਨਾਲ ਸਬੰਧਤ ਕਿਸੇ ਵੀ ਕੰਮ ਨੂੰ ਕਰਾਉਣ ਲਈ ਕਿਸੇ ਵੀ ਅਫਸਰ ਜਾਂ ਮੁਲਾਜ਼ਮ ਨੂੰ ਰਿਸ਼ਵਤ ਨਾ ਦਿੱਤੀ ਜਾਵੇ ਅਤੇ ਜੇਕਰ ਕੋਈ ਰਿਸ਼ਵਤ ਮੰਗਦਾ ਹੈ ਤਾਂ ਇਸ ਦੀ ਰਿਪੋਰਟ ਤੁਰੰਤ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਭ੍ਰਿਸ਼ਟ ਅਫਸਰਾਂ ਤੇ ਮੁਲਾਜ਼ਮਾਂ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆਂ ਨਹੀਂ ਜਾਵੇਗਾ ।