ਪਟਿਆਲਾ, 12 ਅ੍ਪ੍ਰੈਲ : ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿੱਚ ਪੰਜਾਬੀ ਯੂਨੀਵਰਸਿਟੀ ਦੀ ਸੋਈ ਇਕਾਈ ਦੀ ਮੀਟਿੰਗ ਹੋਈ , ਜਿਸ ਵਿੱਚ ਪੰਜਾਬ ਸਰਕਾਰ ਦੁਆਰਾ ਜੋ ਝੂਠੀਆਂ ਗਰੰਟੀਆਂ ਪੰਜਾਬ ਦੇ ਲੋਕਾਂ ਨੂੰ ਦਿੱਤੀਆਂ ਗਈਆਂ ਸਨ ਤੇ ਸਰਕਾਰ ਦੇ ਹੁਣ ਤੱਕ ਦੇ ਕੰਮਾਂ ਬਾਰੇ ਵਿਚਾਰ ਚਰਚਾ ਕੀਤੀ ਗਈ ।
ਇਸ ਮੌਕੇ ਸੋਈ ਸੀਨੀਅਰ ਕੌਮੀ ਮੀਤ ਪ੍ਰਧਾਨ ਮਨਵਿੰਦਰ ਸਿੰਘ ਵੜੈਚ ਦੀ ਅਗਵਾਈ ਵਿੱਚ ਹੋਈ ਇਸ ਮੀਟਿੰਗ ਤੋਂ ਬਾਅਦ ਗੱਲਬਾਤ ਕਰਦਿਆਂ ਪ੍ਰਧਾਨ ਕੁਲਦੀਪ ਸਿੰਘ ਝਿੰਜਰ ਨੇ ਕਿਹਾ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਪਹਿਲਾਂ ਪਾਰਟੀ ਨੇ ਸਿੱਖਿਆ ਅਤੇ ਸਿਹਤ ਸਹੂਲਤਾਂ ਨੂੰ ਲੈ ਕੇ ਜੋ ਸਬਜਬਾਗ ਪੰਜਾਬ ਦੇ ਲੋਕਾਂ ਨੂੰ ਦਿਖਾਏ ਸਨ ਅੱਜ ਉਨ੍ਹਾਂ ਸਭ ਦੀ ਅਸਲੀਅਤ ਸਾਹਮਣੇ ਆ ਗਈ ਹੈ । ਸਿੱਖਿਆ ਕ੍ਰਾਂਤੀ ਦੇ ਨਾਮ ਤੇ ਪੰਜਾਬ ਦੇ ਲੋਕਾਂ ਨਾਲ ਕੋਝਾ ਮਜ਼ਾਕ ਕੀਤਾ ਜਾ ਰਿਹਾ ਹੈ ।
ਜਲਦੀ ਤੋਂ ਜਲਦੀ ਪੰਜਾਬੀ ਯੂਨੀਵਰਸਿਟੀ ਦਾ ਕਰਜ਼ਾ ਮਾਫ਼ ਕਰਕੇ ਪ੍ਰੋਫੈਸਰਾਂ ਦੀਆਂ ਖਾਲੀ ਪਈਆਂ ਅਸਾਮੀਆਂ ਭਰੀਆਂ ਜਾਣ : ਆਗੂ
ਉਨਾ ਕਿਹਾਕਿ ਮੁੱਖ ਮੰਤਰੀ ਸ: ਭਗਵੰਤ ਮਾਨ ਸਰਕਾਰ ਬਣਨ ਤੋਂ ਪਹਿਲਾਂ ਕਹਿੰਦੇ ਸੀ ਕਿ ਸਰਕਾਰ ਸੱਥਾਂ ਤੋਂ ਚੱਲੇ ਗੀ ਪਰ ਸਰਕਾਰ ਦਿੱਲੀ ਤੋਂ ਚੱਲ ਰਹੀ ਹੈ ਅਤੇ ਦਿੱਲੀ ਮਾਡਲ ਜੋ ਕਿ ਬੁਰੀ ਤਰ੍ਹਾਂ ਫੇਲ੍ਹ ਹੋ ਚੁੱਕਿਆ ਹੈ ਉਹ ਪੰਜਾਬ ਦੇ ਲੋਕਾਂ ਉੱਤੇ ਥੋਪਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ । ਸਕੂਲਾਂ ਤੋਂ ਬਾਅਦ ਪੰਜਾਬ ਦੀ ਸਿਰਮੌਰ ਉੱਚ ਸਿੱਖਿਆ ਸੰਸਥਾ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿੱਚ ਪਿਛਲੇ ਸਾਲ ਭਰ ਤੋਂ ਪੱਕੇ ਤੌਰ ਤੇ ਵਾਈਸ ਚਾਂਸਲਰ ਨਿਯੁਕਤ ਨਹੀਂ ਕੀਤਾ ਗਿਆ ।
ਵਾਅਦਿਆਂ ਦੇ ਉਲਟ, ਸਰਕਾਰ ਨੇ ਪੰਜਾਬੀ ਯੂਨੀਵਰਸਿਟੀ ਪ੍ਰਤੀ ਅਣਗਹਿਲੀ ਅਤੇ ਉਦਾਸੀਨ ਰਵੱਈਆ ਅਪਣਾਇਆ ਹੈ
ਉਨ੍ਹਾਂ ਵਾਅਦਿਆਂ ਦੇ ਉਲਟ, ਸਰਕਾਰ ਨੇ ਪੰਜਾਬੀ ਯੂਨੀਵਰਸਿਟੀ ਪ੍ਰਤੀ ਅਣਗਹਿਲੀ ਅਤੇ ਉਦਾਸੀਨ ਰਵੱਈਆ ਅਪਣਾਇਆ ਹੈ । ਇਸ ਲਾਪਰਵਾਹੀ ਦੀ ਸਭ ਤੋਂ ਸਪੱਸ਼ਟ ਉਦਾਹਰਣ ਇਹ ਹੈ ਕਿ ਪੰਜਾਬੀ ਯੂਨੀਵਰਸਿਟੀ ਪਿਛਲੇ ਇੱਕ ਸਾਲ ਤੋਂ ਸਥਾਈ ਵਾਈਸ ਚਾਂਸਲਰ ਤੋਂ ਬਿਨਾਂ ਕੰਮ ਕਰ ਰਹੀ ਹੈ ਅਤੇ ਯੂਨੀਵਰਸਿਟੀ ਦੇ ਸਾਰੇ ਵਿਭਾਗਾਂ ਵਿੱਚ ਪ੍ਰੋਫੈਸਰਾਂ ਦੀਆਂ ਅਸਾਮੀਆਂ ਖਾਲੀ ਪਈਆਂ ਹਨ । ਉਨਾ ਕਿਹਾ ਕਿ ਅਸੀਂ ਸਰਕਾਰ ਤੋਂ ਮੰਗ ਕਰਦੇ ਹਾਂ ਕਿ ਜਲਦੀ ਤੋਂ ਜਲਦੀ ਪੰਜਾਬੀ ਯੂਨੀਵਰਸਿਟੀ ਦਾ ਕਰਜ਼ਾ ਮਾਫ਼ ਕਰਕੇ ਪ੍ਰੋਫੈਸਰਾਂ ਦੀਆਂ ਖਾਲੀ ਪਈਆਂ ਅਸਾਮੀਆਂ ਭਰੀਆਂ ਜਾਣ । ਇਸ ਮੌਕੇ ਸੋਈ ਦੇ ਪਾਰਟੀ ਪ੍ਰਧਾਨ ਰਮਨਜੀਤ ਸਿੰਘ ਸੰਘਾ , ਮੀਤ ਪ੍ਰਧਾਨ ਹੁਸ਼ਨਦੀਪ ਸਿੰਘ ਚਹਿਲ, ਜਨਰਲ ਸਕੱਤਰ ਹਰਵਿੰਦਰ ਸਿੰਘ ਸਿੱਧੂ, ਰਾਜਵੀਰ ਸਿੰਘ ਨਮੋਲ, ਗੌਰਵ ਧਮੀਜਾ, ਸੌਰਵ ਸਿੰਗਲਾ,ਆਦਿ ਹਾਜ਼ਰ ਸਨ ।




