ਪ੍ਰਧਾਨ ਮੰਤਰੀ ਮੋਦੀ ਨੇ ਬੰਗਲਾਦੇਸ਼ ਦੇ ਸੰਕਟ ਨੂੰ ਲੈ ਕੇ ਉੱਚ ਪੱਧਰੀ ਮੀਟਿੰਗ ਕੀਤੀ
ਨਵੀਂ ਦਿੱਲੀ, 6 ਅਗਸਤ : ਬੰਗਲਾਦੇਸ਼ ਸੰਕਟ ਨੂੰ ਲੈ ਕੇ ਕਈ ਦੇਸ਼ਾਂ ਦੀਆਂ ਪ੍ਰਤੀਕਿਰਿਆਵਾਂ ਸਾਹਮਣੇ ਆਈਆਂ ਹਨ। ਭਾਰਤ, ਅਮਰੀਕਾ, ਬ੍ਰਿਟੇਨ, ਯੂਰਪੀ ਸੰਘ ਅਤੇ ਨੇਪਾਲ ਨੇ ਬੰਗਲਾਦੇਸ਼ ਦੀ ਗੰਭੀਰ ਸਥਿਤੀ ‘ਤੇ ਚਿੰਤਾ ਪ੍ਰਗਟਾਈ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੰਗਲਾਦੇਸ਼ ਦੀ ਸਿਆਸੀ ਸਥਿਤੀ ਨੂੰ ਲੈ ਕੇ ਆਪਣੀ ਸਰਕਾਰੀ ਰਿਹਾਇਸ਼ ‘ਤੇ ਉੱਚ ਪੱਧਰੀ ਮੀਟਿੰਗ ਕੀਤੀ। ਸੁਰੱਖਿਆ ਬਾਰੇ ਕੈਬਨਿਟ ਕਮੇਟੀ ਦੀ ਇਸ ਉੱਚ ਪੱਧਰੀ ਅਹਿਮ ਮੀਟਿੰਗ ਵਿੱਚ ਪ੍ਰਧਾਨ ਮੰਤਰੀ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ, ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਅਤੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਤੋਂ ਇਲਾਵਾ ਕਈ ਹੋਰ ਉੱਚ ਅਧਿਕਾਰੀ ਮੌਜੂਦ ਸਨ। ਬੈਠਕ ‘ਚ ਇਹ ਗੱਲ ਸਾਹਮਣੇ ਆਈ ਕਿ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਭਾਰਤ ਆਈ ਸ਼ੇਖ ਹਸੀਨਾ ਨਾਲ ਮੁਲਾਕਾਤ ਦੀ ਜਾਣਕਾਰੀ ਦਿੱਤੀ ਸੀ।