ਆਮ ਆਦਮੀ ਪਾਰਟੀ ਦੇ ਪਾਰਟੀ ਫ਼ੰਡ ਘੁਟਾਲੇ ਦੀ ਜਾਂਚ ਕੇਂਦਰੀ ਜਾਂਚ ਏਜੰਸੀ ਤੋਂ ਕਰਵਾਈ ਜਾਣੀ ਚਾਹੀਦੀ ਹੈ : ਰੇਖਾ ਅਗਰਵਾਲ
ਪਟਿਆਲਾ, 14 ਫਰਵਰੀ : ਜਿ਼ਲਾ ਕਾਂਗਰਸ ਕਮੇਟੀ ਪਟਿਆਲਾ ਸ਼ਹਿਰੀ ਮਹਿਲਾ ਵਿੰਗ ਦੀ ਪ੍ਰਧਾਨ ਰੇਖਾ ਅਗਰਵਾਲ ਨੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ `ਤੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਅਧਿਕਾਰੀ ਤੋਂ ਪਾਰਟੀ ਜਬਰੀ ਫ਼ੰਡ ਵਸੂਲਣ ਲਈ ਆਪਣੇ ਪ੍ਰਭਾਵ ਦੀ ਦੁਰਵਰਤੋਂ ਕਰਨ ਦਾ ਦੋਸ਼ ਲਗਾਉ਼ਦਿਆਂ ਮੰਗ ਕੀਤੀ ਹੈ ਕਿ ਕੇਂਦਰੀ ਜਾਂਚ ਏਜੰਸੀ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਜਾਂ ਕੇਂਦਰੀ ਜਾਂਚ ਬਿਊਰੋ (ਸੀ. ਬੀ. ਆਈ.) ਤੋਂ ਨਿਰਪੱਖ ਜਾਂਚ ਕਰਵਾਈ ਜਾਵੇ।
ਰੇਖਾ ਅਗਰਵਾਲ ਕਿਹਾ ਕਿ ਅਖੌਤੀ ਕੱਟੜ ਇਮਾਨਦਾਰ ਪਾਰਟੀ ਨੇ ਹਾਲ ਹੀ ਵਿੱਚ ਸਮਾਪਤ ਹੋਈਆਂ ਦਿੱਲੀ ਵਿਧਾਨ ਸਭਾ ਚੋਣਾਂ ਲਈ ਫ਼ੰਡ ਇਕੱਠਾ ਕਰਨ ਦੇ ਇੱਕੋ-ਇੱਕ ਉਦੇਸ਼ ਨਾਲ ਪੈਸੇ ਵਸੂਲਣ ਲਈ ਪੰਜਾਬ ਵਿੱਚ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਕੀਤੀ ਹੈ। ਉਨ੍ਹਾਂ ਕਿਹਾ ਕਿ ਆਪਣੇ ਕੈਬਨਿਟ ਮੰਤਰੀਆਂ ਰਾਹੀਂ `ਆਪ` ਨੇ ਵੱਖ-ਵੱਖ ਵਿਭਾਗਾਂ ਦੇ ਸਰਕਾਰੀ ਅਧਿਕਾਰੀਆਂ ਨੂੰ ਜ਼ਬਰਦਸਤੀ ਪਾਰਟੀ ਫ਼ੰਡ ਇਕੱਠਾ ਕਰਨ ਦੀ ਧਮਕੀ ਦਿੱਤੀ ਹੈ।
ਪੀ. ਐਸ. ਈ. ਬੀ. ਇੰਜੀਨੀਅਰਜ਼ ਐਸੋਸੀਏਸ਼ਨ ਦੇ ਅਹੁਦੇਦਾਰਾਂ ਦੀ ਹਿੰਮਤ ਦੀ ਸ਼ਲਾਘਾ ਕਰਦਿਆਂ ਰੇਖਾ ਅਗਰਵਾਲ ਨੇ ਕਿਹਾ ਕਿ ਐਸੋਸੀਏਸ਼ਨ ਨੇ ਸਭ ਤੋਂ ਪਹਿਲਾਂ ਇਸ ਬੇਹੱਦ ਭ੍ਰਿਸ਼ਟ ਪ੍ਰਥਾ ਖ਼ਿਲਾਫ਼ ਆਵਾਜ਼ ਬੁਲੰਦ ਕੀਤੀ ਹੈ । ਰੇਖਾ ਅਗਰਵਾਲ ਨੇ ਕਿਹਾ ਕਿ ਹਾਲਾਂਕਿ ਇਹ ਧੋਖਾਧੜੀ ਨਾਲ ਪੰਜਾਬ ਸਰਕਾਰ ਦੇ ਕਈ ਹੋਰ ਵਿਭਾਗਾਂ ਤੋਂ ਪਾਰਟੀ ਫ਼ੰਡ ਇਕੱਠਾ ਕਰਨ ਦੀ ਡੂੰਘੀ ਸਾਜਿ਼ਸ਼ ਜਾਪਦੀ ਹੈ। ਉਨ੍ਹਾਂ ਕਿਹਾ ਕਿ ਅਜਿਹਾ ਲੱਗਦਾ ਹੈ ਕਿ ਇਹ ਉਦੋਂ ਤੋਂ ਚੱਲ ਰਿਹਾ ਹੈ ਜਦੋਂ ਤੋਂ `ਆਪ` ਨੇ ਪੰਜਾਬ ਵਿਚ ਸੱਤਾ ਹਾਸਲ ਕੀਤੀ ਹੈ।ਜਿ਼ਲਾ ਕਾਂਗਰਸ ਕਮੇਟੀ ਪਟਿਆਲਾ ਸ਼ਹਿਰੀ ਮਹਿਲਾ ਵਿੰਗ ਦੀ ਪ੍ਰਧਾਨ ਰੇਖਾ ਅਗਰਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਵਿਜੀਲੈਂਸ ਬਿਊਰੋ ਪਹਿਲਾਂ ਹੀ `ਆਪ` ਸਰਕਾਰ ਦੇ ਦਬਾਅ ਹੇਠ ਕੰਮ ਕਰ ਰਿਹਾ ਹੈ । ਸਚਾਈ ਦਾ ਪਰਦਾਫਾਸ਼ ਕਰਨ ਦੀ ਬਜਾਏ ਵਿਜੀਲੈਂਸ ਬਿਊਰੋ ਸ਼ਾਇਦ ਇਸ ਮਾਮਲੇ ਨੂੰ ਦਬਾਉਣ ਦੀ ਕੋਸਿ਼ਸ਼ ਕਰੇਗਾ, ਇਸ ਲਈ ਉਨ੍ਹਾਂ ਮੰਗ ਕੀਤੀ ਕਿ ਇਸ ਮਾਮਲੇ ਦੀ ਜਾਂਚ ਈ. ਡੀ. ਜਾਂ ਸੀ. ਬੀ. ਆਈ. ਤੋਂ ਕਰਵਾਈ ਜਾਣੀ ਚਾਹੀਦੀ ਹੈ । ਰੇਖਾ ਅਗਰਵਾਲ ਨੇ ਕਿਹਾ ਕਿ ਜੇਕਰ ਸਹੀ ਢੰਗ ਨਾਲ ਜਾਂਚ ਕੀਤੀ ਜਾਵੇ ਤਾਂ ਇਹ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ. ਟੀ. ਓ. ਵੱਲੋਂ ਕੀਤਾ ਗਿਆ ਘੁਟਾਲਾ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਘੁਟਾਲਾ ਕਥਿਤ ਤੌਰ `ਤੇ ਪੀ. ਐਸ. ਪੀ. ਸੀ. ਐਲ. ਦੇ ਦੋ ਸਾਬਕਾ ਸੀਨੀਅਰ ਅਧਿਕਾਰੀਆਂ ਦੀ ਸਹਾਇਤਾ ਨਾਲ ਕੀਤਾ ਗਿਆ ਸੀ, ਜਿਨ੍ਹਾਂ ਨੂੰ ਬਿਜਲੀ ਮੰਤਰੀ ਦੇ ਨੇੜਲੇ ਆਦਮੀ ਮੰਨਿਆ ਜਾਂਦਾ ਹੈ।
ਰੇਖਾ ਅਗਰਵਾਲ ਨੇ ਕਿਹਾ ਕਿ ਇੱਕ ਪਾਸੇ ਸਰਕਾਰ ਸਰਕਾਰੀ ਅਧਿਕਾਰੀਆਂ ਨੂੰ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਕਦਮ ਚੁੱਕਣ ਦੇ ਨਿਰਦੇਸ਼ ਦੇ ਰਹੀ ਹੈ ਪਰ ਦੂਜੇ ਪਾਸੇ ਉਹ ਭ੍ਰਿਸ਼ਟਾਚਾਰ ਵਿਚ ਡੁੱਬੀ ਹੋਈ ਹੈ। ਉਨ੍ਹਾਂ ਕਿਹਾ ਕਿ `ਆਪ` ਦੇ ਮਾੜੇ ਇਰਾਦੇ ਇੱਕ ਵਾਰ ਫਿਰ ਬੇਨਕਾਬ ਹੋ ਗਏ ਹਨ । ਇਸ ਦੇ ਕਈ ਦਰਜਨਾਂ ਮੰਤਰੀ ਅਤੇ ਵਿਧਾਇਕਾਂ ਦੇ ਨਾਮ ਪਹਿਲਾਂ ਵੀ ਬਹੁਤ ਭ੍ਰਿਸ਼ਟ ਅਤੇ ਜਬਰੀ ਵਸੂਲੀ ਦੇ ਮਾਮਲਿਆਂ ਵਿੱਚ ਸਾਹਮਣੇ ਆ ਚੁੱਕੇ ਹਨ। ਹਾਲਾਂਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਮੰਤਰੀਆਂ, ਵਿਧਾਇਕਾਂ ਅਤੇ ਆਗੂਆਂ ਵਿਰੁੱਧ ਕੋਈ ਕਾਰਵਾਈ ਨਹੀਂ ਕੀਤੀ ।




