ਚੋਣ ਕਮਿਸ਼ਨ ਨੇ ਸੱਦੀ ਦਿੱਲੀ ਵਿਧਾਨ ਸਭਾ ਚੋਣਾਂ ਦੀ ਤਿਆਰੀ ਲਈ ਮੀਟਿੰਗ
ਨਵੀਂ ਦਿੱਲੀ : ਭਾਰਤੀ ਚੋਣ ਕਮਿਸ਼ਨ ਨੇ ਅਗਲੇ ਸਾਲ ਹੋਣ ਵਾਲੀਆਂ ਦਿੱਲੀ ਵਿਧਾਨ ਸਭਾ ਚੋਣਾਂ ਦੀ ਤਿਆਰੀ ਲਈ ਇਸ ਹਫਤੇ ਮੀਟਿੰਗ
ਸੱਦੀ ਹੈ। ਸੂਤਰਾਂ ਨੇ ਦੱਸਿਆ ਕਿ ਇਸ ਮੀਟਿੰਗ ਤੋਂ ਬਾਅਦ ਜਲਦੀ ਹੀ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕੀਤਾ ਜਾ ਸਕਦਾ ਹੈ। ਆਮ ਆਦਮੀ ਪਾਰਟੀ (ਆਪ) ਨੇ ਦਿੱਲੀ ਵਿਧਾਨ ਸਭਾ ਦੀਆਂ ਸਾਰੀਆਂ 70 ਸੀਟਾਂ ਲਈ ਆਪਣੇ ਉਮੀਦਵਾਰਾਂ ਦੇ ਨਾਂ ਜਾਰੀ ਕਰ ਦਿੱਤੇ ਹਨ । ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਪੁਸ਼ਟੀ ਕੀਤੀ ਹੈ ਕਿ ਉਹ ਆਉਣ ਵਾਲੀਆਂ ਚੋਣਾਂ ਵਿੱਚ ਨਵੀਂ ਦਿੱਲੀ ਸੀਟ ਤੋਂ ਜਦਕਿ ਮੁੱਖ ਮੰਤਰੀ ਆਤਿਸ਼ੀ ਕਾਲਕਾਜੀ ਹਲਕੇ ਤੋਂ ਚੋਣ ਲੜਨਗੇ।ਕਾਂਗਰਸ ਨੇ ਮਰਹੂਮ ਸ਼ੀਲਾ ਦੀਕਸ਼ਿਤ ਦੇ ਪੁੱਤਰ ਸੰਦੀਪ ਦੀਕਸ਼ਤ ਨੂੰ ਮੈਦਾਨ ਵਿੱਚ ਉਤਾਰਿਆ ਹੈ, ਜਦਕਿ ਭਾਜਪਾ ਮਰਹੂਮ ਸਾਹਿਬ ਸਿੰਘ ਵਰਮਾ ਦੇ ਪੁੱਤਰ ਪਰਵੇਸ਼ ਵਰਮਾ ਨੂੰ ਚੋਣ ਮੈਦਾਨ ਵਿੱਚ ਉਤਾਰ ਸਕਦੀ ਹੈ । ਭਾਜਪਾ ਆਗੂਆਂ ਨੇ ਕਿਹਾ ਕਿ ਦਿੱਲੀ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਇਸ ਮਹੀਨੇ ਦੇ ਆਖਰੀ ਹਫ਼ਤੇ ਦੇ ਆਸਪਾਸ ਐਲਾਨੀ ਜਾ ਸਕਦੀ ਹੈ। ਇਸ ਵਿੱਚ ਨਵੇਂ ਚਿਹਰੇ ਵੀ ਹੋਣ ਦੀ ਸੰਭਾਵਨਾ ਹੈ। ਚੋਣਾਂ ਤੋਂ ਪਹਿਲਾਂ ਭਾਜਪਾ ਨੇ ਸੱਤਾਧਾਰੀ ‘ਆਪ’ ਦੇ ਗੜ੍ਹ ਮੰਨੇ ਜਾਂਦੇ ਇਲਾਕਿਆਂ ਵਿੱਚ ਪੈਰ ਜਮਾਉਣ ਲਈ ਮੁਹਿੰਮ ਸ਼ੁਰੂ ਕੀਤੀ ਹੈ।ਦਿੱਲੀ ਭਾਜਪਾ ਦੇ ਪ੍ਰਧਾਨ ਵਰਿੰਦਰ ਸਚਦੇਵਾ ਨੇ ਕਿਹਾ ਕਿ ਪਾਰਟੀ ਨੂੰ ਉਮੀਦਵਾਰਾਂ ਲਈ ਸਾਰੇ 70 ਹਲਕਿਆਂ ਤੋਂ 2,000 ਤੋਂ ਵੱਧ ਅਰਜ਼ੀਆਂ ਪ੍ਰਾਪਤ ਹੋਈਆਂ ਹਨ । ‘ਆਪ’ ਨੇ 2015 ਅਤੇ 2020 ਦੀਆਂ ਪਿਛਲੀਆਂ ਦੋ ਵਿਧਾਨ ਸਭਾ ਚੋਣਾਂ ਵਿੱਚ ਕ੍ਰਮਵਾਰ 67 ਅਤੇ 62 ਸੀਟਾਂ ਜਿੱਤੀਆਂ ਸਨ। ਭਾਜਪਾ 1998 ਤੋਂ ਸੱਤਾ ਤੋਂ ਬਾਹਰ ਹੈ ।