ਅੰਬੇਡਕਰ ਬਾਰੇ ਟਿੱਪਣੀ ਲਈ ਸ਼ਾਹ ਨੂੰ ਮੁਆਫੀ ਮੰਗਣੀ ਚਾਹੀਦੀ ਹੈ : ਹਰਸਿਮਰਤ
ਨਵੀਂ ਦਿੱਲੀ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਸੰਸਦ ਵਿੱਚ ਸੰਵਿਧਾਨ ’ਤੇ ਬਹਿਸ ਦੌਰਾਨ ਸੰਵਿਧਾਨ ਨਿਰਮਾਤਾ ਡਾ. ਬੀਆਰ ਅੰਬੇਡਕਰ ਦਾ ਨਾਂ ਗਲਤ ਢੰਗ ਨਾਲ ਲੈਣ ਲਈ ਮੁਆਫੀ ਮੰਗਣੀ ਚਾਹੀਦੀ ਹੈ।ਇਹ ਗੱਲ ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਤੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਆਖੀ। ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਸ਼ਾਹ ਦੇ ਬਿਆਨ ਨਾਲ ਕਰੋੜਾਂ ਲੋਕਾਂ ਦੇ ਹਿਰਦੇ ਵਲੂੰਧਰੇ ਗਏ ਹਨ ਅਤੇ ਉਨ੍ਹਾਂ ਨੂੰ ਲੋਕਾਂ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ । ਸੰਸਦ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਜੇ ਕੋਈ ਵਿਅਕਤੀ ਆਪਣੀ ਗਲਤੀ ਮੰਨ ਲਵੇ ਤਾਂ ਇਸ ਨਾਲ ਉਸ ਦਾ ਕੱਦ ਹੋਰ ਉੱਚਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੇ ਵੇਖਿਆ ਹੈ ਕਿ ਸੰਵਿਧਾਨ ਨਿਰਮਾਤਾ ਡਾ. ਬੀ. ਆਰ. ਅੰਬੇਡਕਰ ਦਾ ਨਾਂ ਸੰਸਦ ਵਿੱਚ ਕਿਸ ਤਰ੍ਹਾਂ ਲਿਆ ਗਿਆ ਹੈ, ਇਸ ਨਾਲ ਕਰੋੜਾਂ ਭਾਰਤੀਆਂ ਦੀਆਂ ਭਾਵਨਾਵਾਂ ਨੂੰ ਠੇਸ ਪੁੱਜੀ ਹੈ । ਉਨ੍ਹਾਂ ਕਿਹਾ ਕਿ ਗ੍ਰਹਿ ਮੰਤਰੀ ਦੇ ਦਾਅਵੇ ਦੇ ਉਲਟ ਉਨ੍ਹਾਂ ਦੇ ਬਿਆਨ ਨਾਲ ਸਮਾਜ ਦੇ ਦਬੇ ਕੁਚਲੇ ਲੋਕਾਂ, ਜੋ ਡਾ. ਅੰਬੇਡਕਰ ਨੂੰ ਆਪਣੇ ਮੁਕਤੀ ਦਾਤਾ ਵਜੋਂ ਵੇਖਦੇ ਹਨ, ਦੀਆਂ ਭਾਵਨਾਵਾਂ ਨੂੰ ਸੱਟ ਵੱਜੀ ਹੈ । ਉਨ੍ਹਾਂ ਕਿਹਾ ਕਿ ਮੁੱਦਾ ਇਹ ਹੈ ਕਿ ਦੇਸ਼ ਵਿਚ ਸਰਵਉੱਚ ਅਹੁਦਿਆਂ ’ਤੇ ਬੈਠਣ ਵਾਲੇ ਲੋਕ ਬਾਬਾ ਸਾਹਿਬ ਨੂੰ ਕਿਵੇਂ ਵੇਖਦੇ ਹਨ । ਉਨ੍ਹਾਂ ਕਿਹਾ ਕਿ ਇਹ ਪ੍ਰਭਾਵ ਨਹੀਂ ਜਾਣਾ ਚਾਹੀਦਾ ਕਿ ਉੱਚ ਅਹੁਦਿਆਂ ’ਤੇ ਬੈਠੇ ਲੋਕਾਂ ਦੇ ਮਨਾਂ ਵਿਚ ਬਾਬਾ ਸਾਹਿਬ ਲਈ ਕੋਈ ਸਨਮਾਨ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਲਈ ਸਾਡੇ ਲੋਕਾਂ ਦਾ ਗੁੱਸਾ ਸ਼ਾਂਤ ਕਰਨ ਲਈ ਮੁਆਫੀ ਮੰਗਣੀ ਚਾਹੀਦੀ ਹੈ ।