ਪੰਜਾਬ ਵਿਚ ਨਗਰ ਨਿਗਮ, ਨਗਰ ਕੌਂਸਲ ਤੇ ਨਗਰ ਪੰਚਾਇਤਾਂ ਲਈ ਵੋਟਿੰਗ ਸਵੇਰੇ 7 ਵਜੇ ਤੋਂ ਹੋਈ ਸੁਰੂ
ਚੰਡੀਗੜ੍ਹ : ਪੰਜਾਬ ਵਿੱਚ ਪੰਜ ਨਗਰ ਨਿਗਮਾਂ ਅਤੇ 44 ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਲਈ ਵੋਟਾਂ ਸਖ਼ਤ ਸੁਰੱਖਿਆ ਪ੍ਰਬੰਧਾਂ ਵਿਚਕਾਰ ਸਵੇਰੇ 7 ਵਜੇ ਪੋਲਿੰਗ ਸ਼ੁਰੂ ਹੋਈ ਜੋ ਕਿ ਸ਼ਾਮ 4 ਵਜੇ ਤੱਕ ਜਾਰੀ ਰਹਿਣਗੀਆਂ। ਅਧਿਕਾਰੀਆਂ ਨੇ ਦੱਸਿਆ ਕਿ ਪੋਲਿੰਗ ਖਤਮ ਹੋਣ ਤੋਂ ਬਾਅਦ ਹੀ ਪੋਲਿੰਗ ਸਟੇਸ਼ਨਾਂ ’ਤੇ ਹੀ ਵੋਟਾਂ ਦੀ ਗਿਣਤੀ ਕੀਤੀ ਜਾਵੇਗੀ । ਜਿ਼ਕਰਯੋਗ ਹੈ ਕਿ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ ਅਤੇ ਫਗਵਾੜਾ ਨਗਰ ਨਿਗਮਾਂ ਦੀਆਂ ਚੋਣਾਂ ਹੋ ਰਹੀਆਂ ਹਨ। ਅਧਿਕਾਰੀਆਂ ਨੇ ਦੱਸਿਆ ਕਿ ਨਾਗਰਿਕ ਚੋਣਾਂ ਲਈ 3,300 ਤੋਂ ਵੱਧ ਉਮੀਦਵਾਰ ਮੈਦਾਨ ਵਿੱਚ ਹਨ, ਉਨ੍ਹਾਂ ਕਿਹਾ ਕਿ ਕੁੱਲ 3,809 ਪੋਲਿੰਗ ਬੂਥ ਬਣਾਏ ਗਏ ਹਨ। ਇਨ੍ਹਾਂ ਚੋਣਾਂ ਵਿੱਚ 17.75 ਲੱਖ ਔਰਤਾਂ ਸਮੇਤ ਕੁੱਲ 37.32 ਲੱਖ ਵੋਟਰ ਆਪਣੀ ਵੋਟ ਪਾਉਣ ਦੇ ਯੋਗ ਹਨ। ਵੋਟਿੰਗ ਲਈ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈ. ਵੀ. ਐਮ.) ਦੀ ਵਰਤੋਂ ਕੀਤੀ ਜਾ ਰਹੀ ਹੈ । ਅਧਿਕਾਰੀਆਂ ਨੇ ਦੱਸਿਆ ਕਿ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਇਹ ਚੋਣਾਂ ਮਹੱਤਵਪੂਰਨ ਮੰਨੀਆਂ ਜਾ ਰਹੀਆਂ ਹਨ ਕਿਉਂਕਿ ਇਹ ਸ਼ਹਿਰੀ ਵੋਟਰਾਂ ਵਿੱਚ ਸੱਤਾਧਾਰੀ ਪਾਰਟੀ ਦੀ ਲੋਕਪ੍ਰਿਅਤਾ ਨੂੰ ਪ੍ਰਗਟ ਕਰਨਗੀਆਂ। ਮੁੱਖ ਮੰਤਰੀ ਭਗਵੰਤ ਮਾਨ ਨੇ ਚੋਣਾਂ ਤੋਂ ਪਹਿਲਾਂ ‘ਆਪ’ ਉਮੀਦਵਾਰਾਂ ਲਈ ਰੋਡ ਸ਼ੋਅ ਕੀਤਾ ਅਤੇ ਚੋਣ ਪ੍ਰਚਾਰ ਕੀਤਾ। ‘ਆਪ’ ਦੀ ਪੰਜਾਬ ਇਕਾਈ ਦੇ ਮੁਖੀ ਵਜੋਂ ਨਿਯੁਕਤ ਕੀਤੇ ਜਾਣ ਤੋਂ ਬਾਅਦ ਅਮਨ ਅਰੋੜਾ ਲਈ ਵੀ ਇਹ ਪਹਿਲੀ ਪ੍ਰੀਖਿਆ ਹੋਵੇਗੀ ।