ਪ੍ਰਵਾਸੀਆਂ ਨੂੰ ਪਿੰਡ ਛੱਡਣ ਦੇ ਦਿੱਤੇ ਹੁਕਮ ਦਾ ਮਾਮਲਾ ਪਹੁੰਚਿਆ ਹਾਈਕੋਰਟ
ਅਦਾਲਤ ਨੇ ਮੰਗਿਆ ਹੈ ਸਰਕਾਰ ਕੋਲੋਂ ਜਵਾਬ
ਚੰਡੀਗੜ੍ਹ : ਪੰਜਾਬ ਦੇ ਮੋਹਾਲੀ ਜਿ਼ਲੇ ਵਿਚ ਪੈਂਦੇ ਪਿੰਡ ਮੁੰਧੌ ਸੰਗਤੀਆ ਵਿਚ ਪ੍ਰਵਾਸੀਆਂ ਨੂੰ ਪਿੰਡ ਛੱਡਣ ਦੇ ਪਾਸ ਕੀਤੇ ਮਤੇ ਦਾ ਮਾਮਲਾ ਪੰਜਾਬ ਐਂਡ ਹਰਿਆਣਾ ਹਾਈਕੋਰਟ ਦੇ ਕੋਲ ਪਹੁੰਚਿਆ ਹੈ ਤੇ ਮਾਨਯੋਗ ਕੋਰਟ ਨੇ ਵੀ ਪੰਜਾਬ ਸਰਕਾਰ ਤੋਂ ਇਸ ਸਬੰਧੀ ਜਵਾਬ ਮੰਗਦਿਆਂ ਸੁਣਵਾਈ 22 ਅਗਸਤ ਤੇ ਪਾ ਦਿੱਤੀ ਹੈ। ਇਸ ਸਬੰਧੀ ਐਡਵੋਕੇਟ ਵੈਭਵ ਵਤਸ ਵੱਲੋਂ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਹੈ। ਉਸ ਦਾ ਕਹਿਣਾ ਹੈ ਕਿ ਸੰਵਿਧਾਨ ਹਰ ਨਾਗਰਿਕ ਨੂੰ ਆਪਣੀ ਮਰਜ਼ੀ ਦੀ ਥਾਂ `ਤੇ ਰਹਿਣ ਦਾ ਅਧਿਕਾਰ ਦਿੰਦਾ ਹੈ। ਇਸ ਤਰ੍ਹਾਂ ਪ੍ਰਵਾਸੀ ਮਜ਼ਦੂਰਾਂ ਨੂੰ ਪਿੰਡੋਂ ਬਾਹਰ ਕੱਢ ਕੇ ਉਨ੍ਹਾਂ ਦੇ ਹੱਕਾਂ ਦਾ ਘਾਣ ਕੀਤਾ ਜਾ ਰਿਹਾ ਹੈ। ਜੋ ਕਿ ਇੱਕ ਗੰਭੀਰ ਮੁੱਦਾ ਹੈ।ਉਨ੍ਹਾਂ ਨੇ ਪਟੀਸ਼ਨ `ਚ ਮੀਡੀਆ ਰਿਪੋਰਟਾਂ ਦਾ ਹਵਾਲਾ ਦਿੱਤਾ ਹੈ। ਉਸ ਦਾ ਕਹਿਣਾ ਹੈ ਕਿ ਇਹ ਮਾਮਲਾ 1 ਅਗਸਤ ਨੂੰ ਉਸ ਦੇ ਧਿਆਨ ਵਿੱਚ ਆਇਆ ਸੀ। ਉਸ ਨੂੰ ਪਤਾ ਲੱਗਾ ਕਿ ਪਿੰਡ ਵਿੱਚ ਮਤਾ ਪਾਸ ਹੋ ਗਿਆ ਹੈ। ਇਸ ਵਿੱਚ ਪ੍ਰਵਾਸੀ ਲੋਕਾਂ ਨੂੰ ਪਿੰਡ ਛੱਡਣ ਲਈ ਕਿਹਾ ਗਿਆ ਹੈ।ਹਾਲਾਂਕਿ ਪਿੰਡ ਦੇ ਸਰਪੰਚ ਨੇ ਇਸ ਗੱਲ ਦੀ ਹਾਮੀ ਨਹੀਂ ਭਰੀ। ਇਸ ਕਾਰਨ ਪਰਿਵਾਰ ਮੁਸੀਬਤ ਵਿੱਚ ਹਨ। ਉਨ੍ਹਾਂ ਨੂੰ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਬੱਚਿਆਂ ਦੀ ਪੜ੍ਹਾਈ ਅਤੇ ਹੋਰ ਚੀਜ਼ਾਂ ਪ੍ਰਭਾਵਿਤ ਹੋ ਰਹੀਆਂ ਹਨ। ਲੋਕਾਂ ਨੂੰ ਰੁਜ਼ਗਾਰ ਹਾਸਲ ਕਰਨ ਵਿੱਚ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਜਦੋਂ ਪਿੰਡ ਵਿੱਚ ਇਹ ਪ੍ਰਸਤਾਵ ਪਾਸ ਕੀਤਾ ਗਿਆ ਤਾਂ ਇਹ ਦਲੀਲ ਦਿੱਤੀ ਗਈ ਕਿ ਪਰਵਾਸੀਆਂ ਦੀ ਮੌਜੂਦਗੀ ਕਾਰਨ ਇਲਾਕੇ ਵਿੱਚ ਅਪਰਾਧਿਕ ਅਤੇ ਸਮਾਜ ਵਿਰੋਧੀ ਗਤੀਵਿਧੀਆਂ ਵਧ ਰਹੀਆਂ ਹਨ। ਪਰਵਾਸੀ ਲੋਕ ਕੁਝ ਅਪਰਾਧਿਕ ਘਟਨਾਵਾਂ ਵਿੱਚ ਸ਼ਾਮਲ ਪਾਏ ਗਏ ਸਨ। ਅਜਿਹੇ ਵਿੱਚ ਪਿੰਡ ਵਾਸੀਆਂ ਨੂੰ ਮਤਾ ਪਾਸ ਕਰਨ ਲਈ ਮਜਬੂਰ ਹੋਣਾ ਪਿਆ।