ਸੁਪਰੀਮ ਕੋਰਟ ਨੇ ਦਿੱਤੇ ਕੋਲਕਾਤਾ ਕਾਂਡ ਦੇ ਚਲਦਿਆਂ ਡਾਕਟਰਾਂ ਦੀ ਸੁਰੱਖਿਆ ਲਈ ਫੌਰੀ ਕਦਮ ਚੁੱਕਣ ਦੇ ਹੁਕਮ
ਨਵੀਂ ਦਿੱਲੀ : ਭਾਰਤ ਦੇਸ਼ ਦੀ ਮਾਨਯੋਗ ਸੁਪਰੀਮ ਕੋਰਟ ਨੇ ਵੀਰਵਾਰ ਨੂੰ ਸਖ਼ਤ ਲਹਿਜੇ ’ਚ ਕਿਹਾ ਕਿ ਕੋਲਕਾਤਾ ਦੇ ਆਰ. ਜੀ. ਕਰ ਮੈਡੀਕਲ ਕਾਲਜ ਅਤੇ ਹਸਪਤਾਲ ’ਚ ਮਹਿਲਾ ਡਾਕਟਰ ਨਾਲ ਕਥਿਤ ਜਬਰ-ਜਨਾਹ ਅਤੇ ਉਸ ਦੀ ਹੱਤਿਆ ਦੇ ਮਾਮਲੇ ’ਚ ਗ਼ੈਰ-ਕੁਦਰਤੀ ਮੌਤ ਦਾ ਮਾਮਲਾ ਦਰਜ ਕਰਨ ’ਚ ਕੋਲਕਾਤਾ ਪੁਲੀਸ ਦੀ ਦੇਰੀ ਬੇਹੱਦ ਪ੍ਰੇਸ਼ਾਨ ਕਰਨ ਵਾਲੀ ਹੈ। ਸੁਪਰੀਮ ਕੋਰਟ ਨੇ ਪ੍ਰਦਰਸ਼ਨ ਕਰ ਰਹੇ ਡਾਕਟਰਾਂ ਨੂੰ ਕੰਮ ’ਤੇ ਪਰਤਣ ਲਈ ਵੀ ਕਿਹਾ। ਸਿਖਰਲੀ ਅਦਾਲਤ ਨੇ ਕੋਲਕਾਤਾ ਦੀ ਇਕ ਡਾਕਟਰ ਦੀ ਮੌਤ ਦੇ ਮਾਮਲੇ ’ਤੇ ਖੁਦ ਹੀ ਨੋਟਿਸ ਲੈਂਦਿਆਂ ਮਾਮਲੇ ਦੀ ਸੁਣਵਾਈ ਦੌਰਾਨ ਕਿਹਾ ਕਿ ਨਿਆਂ ਅਤੇ ਦਵਾਈਆਂ ਰੋਕੀਆਂ ਨਹੀਂ ਜਾ ਸਕਦੀਆਂ ਹਨ। ਅਦਾਲਤ ਨੇ ਕੇਂਦਰ ਅਤੇ ਸੂਬਿਆਂ ਨੂੰ ਨਿਰਦੇਸ਼ ਦਿੱਤਾ ਕਿ ਉਹ ਦੇਸ਼ ਭਰ ’ਚ ਡਾਕਟਰਾਂ ਦੀ ਸੁਰੱਖਿਆ ਲਈ ਫੌਰੀ ਕਦਮ ਚੁੱਕਣ। ਚੀਫ਼ ਜਸਟਿਸ ਡੀਵਾਈ ਚੰਦਰਚੂੜ ਦੀ ਅਗਵਾਈ ਹੇਠਲੇ ਬੈਂਚ ਨੇ ਡਾਕਟਰਾਂ ਦੀ ਸੁਰੱਖਿਆ, ਵਿਰੋਧ ਪ੍ਰਦਰਸ਼ਨ ਦੇ ਮਾਪਦੰਡਾਂ ਅਤੇ ਪ੍ਰਦਰਸ਼ਨਕਾਰੀਆਂ ਦੇ ਹੱਕਾਂ ਨੂੰ ਲੈ ਕੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਇਸ ਤੋਂ ਇਲਾਵਾ ਪੱਛਮੀ ਬੰਗਾਲ ਸਰਕਾਰ ਨੂੰ ਵੀ ਕਈ ਨਿਰਦੇਸ਼ ਜਾਰੀ ਕੀਤੇ ਗਏ ਹਨ। ਅਦਾਲਤ ਵੱਲੋਂ ਮਾਮਲੇ ’ਤੇ ਅੱਗੇ 5 ਸਤੰਬਰ ਨੂੰ ਸੁਣਵਾਈ ਕੀਤੀ ਜਾਵੇਗੀ।